ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਲਾਉਣਾ ਸਰਕਾਰ ਦੀ ਜ਼ਿੰਮੇਵਾਰੀ: ਵਿਧਾਇਕ ਚੱਢਾ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਲਾਉਣਾ ਸਰਕਾਰ ਦੀ ਜ਼ਿੰਮੇਵਾਰੀ: ਵਿਧਾਇਕ ਚੱਢਾ
Publish Date: Sun, 04 Oct 2026 08:19 PM (IST)
Updated Date: Sun, 04 Oct 2026 08:20 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਲੋਕਾਂ ਤੋਂ ਇਕੱਠੇ ਕੀਤੇ ਟੈਕਸ ਦੇ ਪੈਸੇ ਨੂੰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ’ਤੇ ਖਰਚ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾਕਿ ਸ਼ਾਨਦਾਰ ਸਰਕਾਰੀ ਸਕੂਲ ਬਣਾਉਣਾ, ਸੜਕਾਂ ਦਾ ਨਿਰਮਾਣ ਕਰਨਾ, ਸਿਹਤ ਸਹੂਲਤਾਂ ਵਿਚ ਸੁਧਾਰ ਲਿਆਉਣਾ, ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦੀਆਂ ਮੁੱਖ ਜ਼ਿੰਮੇਵਾਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਇਨ੍ਹਾਂ ਖੇਤਰਾਂ ਵਿਚ ਕੰਮ ਕਰ ਰਹੀ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਯੋਗ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾਕਿ ਸਰਕਾਰ ਦੇ ਅੰਕੜਿਆਂ ਅਨੁਸਾਰ ਸੂਬੇ ਦੇ ਲਗਭਗ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਪਰਿਵਾਰਾਂ ਦੇ ਘਰੇਲੂ ਖਰਚਿਆਂ ਦਾ ਬੋਝ ਘਟਾਉਣ ਵਿਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਨਹਿਰੀ ਸਿੰਜਾਈ ਦੇ ਵਿਸਥਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਪੰਜਾਬ ਵਿਚ 14,000 ਕਿਲੋਮੀਟਰ ਪਾਈਪਲਾਈਨਾਂ ਰਾਹੀਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਸਤੰਬਰ 2026 ਵਿਚ ਦਿੱਤੀ ਜਾਣਕਾਰੀ ਅਨੁਸਾਰ ਸੂਬੇ ਦੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਣ ਲੱਗ ਪਿਆ ਹੈ, ਜਦਕਿ ਸਰਕਾਰ ਇਸ ਦਾਇਰੇ ਨੂੰ ਹੋਰ ਵਧਾਉਣ ਲਈ ਯਤਨਸ਼ੀਲ ਹੈ। ਇਸ ਦਾ ਮਕਸਦ ਕਿਸਾਨਾਂ ਨੂੰ ਸਿੰਜਾਈ ਲਈ ਬਦਲਵਾਂ ਸਰੋਤ ਦੇਣਾ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣਾ ਹੈ। ਸਿੱਖਿਆ ਦੇ ਖੇਤਰ ਬਾਰੇ ਗੱਲ ਕਰਦਿਆਂ ਵਿਧਾਇਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ, ਬੁਨਿਆਦੀ ਢਾਂਚੇ ਅਤੇ ਪੜ੍ਹਾਈ ਦੇ ਮਿਆਰ ਵਿੱਚ ਸੁਧਾਰ ਲਿਆਉਣਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਦੀ ਸਿਖਲਾਈ ਅਤੇ ਸਕੂਲਾਂ ਵਿਚ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਉਣ ਵਰਗੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਮੌਕੇ ਮਿਲਣੇ ਚਾਹੀਦੇ ਹਨ, ਤਾਂ ਜੋ ਆਰਥਿਕ ਹਾਲਾਤ ਕਿਸੇ ਵੀ ਬੱਚੇ ਦੇ ਭਵਿੱਖ ਵਿੱਚ ਰੁਕਾਵਟ ਨਾ ਬਣਨ। ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਪਰਿਵਾਰਾਂ ਲਈ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਰਕਾਰੀ ਸਿਹਤ ਪ੍ਰਬੰਧ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਰੁਜ਼ਗਾਰ ਦੇ ਮੁੱਦੇ ’ਤੇ ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਆਪਣੀ ਅਹਿਮ ਪ੍ਰਾਪਤੀ ਵਜੋਂ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਮਿਲਣੇ ਚਾਹੀਦੇ ਹਨ ਅਤੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖਣੀ ਲਾਜ਼ਮੀ ਹੈ, ਤਾਂ ਜੋ ਨੌਜਵਾਨ ਆਪਣੇ ਸੂਬੇ ਵਿੱਚ ਰਹਿ ਕੇ ਹੀ ਆਪਣਾ ਭਵਿੱਖ ਬਣਾ ਸਕਣ। ਵਿਧਾਇਕ ਨੇ ਕਿਹਾ ਕਿ ਹਲਕਾ ਰੂਪਨਗਰ ਵਿਚ ਵੀ ਸੜਕਾਂ ਦੇ ਨਿਰਮਾਣ, ਸਰਕਾਰੀ ਸਕੂਲਾਂ ਦੇ ਸੁਧਾਰ ਅਤੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਵਧਾਉਣ ਲਈ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਅਨੁਸਾਰ ਸਰਕਾਰੀ ਖ਼ਜ਼ਾਨੇ ਦੀ ਸਹੀ ਵਰਤੋਂ ਦਾ ਅਸਲ ਮਕਸਦ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣਾ ਹੈ ਅਤੇ ਲੋਕ ਭਲਾਈ ਦੇ ਕੰਮ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ।