ਕੜਾ ਲਹਾਉਣ ਦਾ ਮਾਮਲਾ ਸਿੱਖ ਹੱਕਾਂ ’ਤੇ ਹਮਲਾ
ਕੜਾ ਲਹਾਉਣ ਦਾ ਮਾਮਲਾ ਸਿੱਖ ਹੱਕਾਂ ਉੱਤੇ ਹਮਲਾ
Publish Date: Mon, 09 Feb 2026 03:52 PM (IST)
Updated Date: Tue, 10 Feb 2026 04:00 AM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦੇ ਮਾਮਲੇ ਨੇ ਸੂਬੇ ਭਰ ਵਿਚ ਚਿੰਤਾ ਤੇ ਰੋਸ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਮਾਮਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੰਦਿਆਂ ਇਸ ਦੀ ਪੜਤਾਲ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸੰਦਰਭ ’ਚ ਧਾਰਮਿਕ ਅਤੇ ਰਾਜਨੀਤਿਕ ਆਗੂਆਂ ਵੱਲੋਂ ਵੀ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਧਾਰਮਿਕ ਆਜ਼ਾਦੀ ’ਤੇ ਹਮਲਾ : ਭਿੰਡਰ ਸ਼੍ਰੋਮਣੀ ਕਮੇਟੀ ਦੀ ਐਗਜੈਕਟਿਵ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਕਿਹਾ ਕਿ ਕੜਾ ਸਿੱਖ ਧਰਮ ਦਾ ਅਟੂਟ ਅੰਗ ਹੈ ਅਤੇ ਇਸ ਨੂੰ ਲੁਹਾਉਣ ਲਈ ਮਜਬੂਰ ਕਰਨਾ ਸਿੱਧੀ ਤਰ੍ਹਾਂ ਧਾਰਮਿਕ ਆਜ਼ਾਦੀ ਉੱਤੇ ਹਮਲਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਰਗੇ ਸੂਬੇ ਵਿਚ, ਜਿੱਥੇ ਸਿੱਖ ਧਰਮ ਦੀ ਬਹੁਗਿਣਤੀ ਹੈ, ਅਜਿਹੀ ਘਟਨਾ ਹੋਣਾ ਬਹੁਤ ਹੀ ਦੁਖਦਾਈ ਹੈ। ਦਲਜੀਤ ਸਿੰਘ ਭਿੰਡਰ ਨੇ ਮੰਗ ਕੀਤੀ ਕਿ ਜਾਂਚ ਸਿਰਫ਼ ਰਸਮੀ ਨਾ ਰਹੇ, ਸਗੋਂ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਠੋਸ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੁਹਰਾਈਆਂ ਨਾ ਜਾਣ। ਕਕਾਰਾਂ ਨਾਲ ਛੇੜਛਾੜ ਬਰਦਾਸ਼ਤ ਨਹੀਂ : ਭਾਈ ਚਾਵਲਾ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸਿੱਖਾਂ ਦੇ ਪੰਜ ਕਕਾਰਾਂ ਨਾਲ ਛੇੜਛਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੇਂਦਰੀ ਪੱਧਰ ਦੀਆਂ ਪ੍ਰੀਖਿਆਵਾਂ ਲਈ ਸਪਸ਼ਟ ਦਿਸ਼ਾ-ਨਿਰਦੇਸ਼ ਹੋਣੇ ਚਾਹੀਦੇ ਹਨ, ਜਿਨ੍ਹਾਂ ਵਿਚ ਸਿੱਖ ਧਾਰਮਿਕ ਚਿੰਨ੍ਹਾਂ ਦੀ ਪੂਰੀ ਇਜ਼ਜ਼ਤ ਕੀਤੀ ਜਾਵੇ। ਭਾਈ ਚਾਵਲਾ ਨੇ ਕਿਹਾ ਕਿ ਜੇਕਰ ਪ੍ਰੀਖਿਆ ਕੇਂਦਰਾਂ ’ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਇਸ ਬਾਰੇ ਜਾਣਕਾਰੀ ਨਹੀਂ, ਤਾਂ ਇਹ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਹੈ। ਸਿੱਖ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਮਾਮਲਾ : ਕੁਲਵਿੰਦਰ ਕੌਰ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਕੌਰ ਨੇ ਇਸ ਮਾਮਲੇ ਨੂੰ ਸਿਰਫ਼ ਧਾਰਮਿਕ ਨਹੀਂ, ਸਗੋਂ ਸਿੱਖ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਹੋਇਆ ਮਸਲਾ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੇਣ ਆਏ ਨੌਜਵਾਨ ਪਹਿਲਾਂ ਹੀ ਮਾਨਸਿਕ ਦਬਾਅ ਵਿਚ ਹੁੰਦੇ ਹਨ ਅਤੇ ਅਜਿਹੀਆਂ ਘਟਨਾਵਾਂ ਉਨ੍ਹਾਂ ਨੂੰ ਹੋਰ ਹਤਾਸ਼ ਕਰਦੀਆਂ ਹਨ। ਕੁਲਵਿੰਦਰ ਕੌਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ ਅਤੇ ਪ੍ਰੀਖਿਆ ਪ੍ਰਣਾਲੀ ਵਿਚ ਸਪਸ਼ਟ ਨੀਤੀ ਬਣਾਈ ਜਾਵੇ। ਵਿਚਾਰ-ਚਰਚਾ ਦੌਰਾਨ ਸਾਰੇ ਵਕਤਾਵਾਂ ਨੇ ਇਕਸੁਰ ਵਿਚ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਂਚ ਦੇ ਨਿਰਦੇਸ਼ ਦੇਣਾ ਸਹੀ ਕਦਮ ਹੈ, ਪਰ ਇਸ ਨਾਲ ਨਾਲ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ ’ਤੇ ਵੀ ਕਾਰਵਾਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਘਟਨਾਵਾਂ ਨੂੰ ਸਮੇਂ ਸਿਰ ਰੋਕਿਆ ਨਾ ਗਿਆ, ਤਾਂ ਇਹ ਸਿੱਖ ਸਮਾਜ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਸਕਦੀਆਂ ਹਨ।