ਜ਼ਿਲ੍ਹੇ ਦੇ ਵਿਕਾਸ, ਸਿੱਖਿਆ, ਸਿਹਤ ਤੇ ਬੁਨਿਆਦੀ ਢਾਂਚੇ ਦੀਆਂ ਪ੍ਰਮੁੱਖ ਪ੍ਰਾਪਤੀਆਂ ਗਿਣਵਾਈਆਂ ਜ਼ਿਲ੍ਹੇ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੀਆਂ ਪ੍ਰਮੁੱਖ ਪ੍ਰਾਪਤੀਆਂ ਗਿਣਵਾਈਆਂ
Publish Date: Sun, 16 Aug 2026 04:41 PM (IST)
Updated Date: Mon, 17 Aug 2026 04:00 AM (IST)
ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਇਸ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ। ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ, ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿਚ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਮਹਾਨ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ, ਸਦਭਾਵਨਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਾ ਹਰੇਕ ਨਾਗਰਿਕ ਦਾ ਫਰਜ਼ ਹੈ। ਡੇਚਲਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ 31,780 ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ 5 ਸਕੂਲ ਆਫ਼ ਐਮੀਨੈਂਸ ਤੇ 7 ਪੀਐੱਮ. ਸ੍ਰੀ ਸਕੂਲ ਚੱਲ ਰਹੇ ਹਨ। ਸਰਕਾਰੀ ਸਕੂਲਾਂ ਦੇ 10 ਵਿਦਿਆਰਥੀਆਂ ਨੇ ਜੇਈਈ. ਮੇਨ ਅਤੇ 12 ਨੇ ਨੀਟ ਵਿਚ ਸਫਲਤਾ ਹਾਸਲ ਕੀਤੀ ਹੈ। ਪਿੰਡ ਪਪਰਾਲੀ ਦੀ ਮਹਿਕਪ੍ਰੀਤ ਕੌਰ ਵੱਲੋਂ ਭਾਰਤੀ ਹਵਾਈ ਸੈਨਾ ਅਕੈਡਮੀ ਦੀ ਮੈਰਿਟ ਸੂਚੀ ਵਿਚ ਦੇਸ਼ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨਾ ਵੀ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਅਤੇ ਮੌਜੂਦਾ ਸਾਲ ਦੌਰਾਨ 13.9 ਕਰੋੜ ਰੁਪਏ ਖਰਚ ਕੀਤੇ ਗਏ ਹਨ। ਖੇਡਾਂ ਵਿੱਚ ਵੀ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਤਗਮੇ ਜਿੱਤੇ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੀਂ ਸ਼ੂਟਿੰਗ ਰੇਂਜ ਅਤੇ ਐਸਟ੍ਰੋਟਰਫ ਅਤੇ ਨੰਗਲ ਵਿਖੇ ਤੈਰਾਕੀ ਤਲਾਬ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਸਿਹਤ ਖੇਤਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਰੂਪਨਗਰ ਵਿਖੇ 17 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਬਲਾਕ ਦੀ ਉਸਾਰੀ ਜਾਰੀ ਹੈ। ਜ਼ਿਲ੍ਹੇ ਵਿਚ 1.63 ਲੱਖ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ ਅਤੇ 33 ਹਸਪਤਾਲਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਰੂਪਨਗਰ ਤੇ ਨੰਗਲ ਵਿਖੇ 6-6 ਆਈਸੀਯੂ. ਬਿਸਤਰਿਆਂ ਦੀ ਸਹੂਲਤ ਅਤੇ ਸਿਵਲ ਹਸਪਤਾਲ ਰੂਪਨਗਰ ਵਿਖੇ ਐੱਮ.ਆਰ.ਆਈ. ਮਸ਼ੀਨ ਦੀ ਸਹੂਲਤ ਜਲਦ ਉਪਲਬਧ ਹੋਵੇਗੀ। ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਰੂਪਨਗਰ ਬੱਸ ਸਟੈਂਡ ਦੀ 26.73 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਰੀ ਹੈ, ਜਦਕਿ ਜ਼ਿਲ੍ਹੇ ਵਿਚ 9 ਪੁਲਾਂ ਲਈ 158 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ। ਰੋਜ਼ਗਾਰ ਖੇਤਰ ਵਿਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅਗਸਤ 2025 ਤੋਂ ਜੁਲਾਈ 2026 ਤੱਕ 82 ਰੋਜ਼ਗਾਰ ਕੈਂਪ ਲਗਾ ਕੇ 2,168 ਉਮੀਦਵਾਰਾਂ ਦੀ ਚੋਣ ਕਰਵਾਈ ਗਈ। ਇਸੇ ਦੌਰਾਨ 392 ਕਰੀਅਰ ਸਮਾਗਮਾਂ ਰਾਹੀਂ 12,922 ਨੌਜਵਾਨਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿੱਚ 6.5 ਲੱਖ ਤੋਂ ਵੱਧ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਮਾਰੋਹ ਵਿਚ ਪਹੁੰਚੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਏ ਅਤੇ ਸੁਤੰਤਰਤਾਂ ਸੰਗਰਾਮੀਆਂ ਨੂੰ ਡਿਪਟੀ ਕਮਿਸ਼ਨਰ ਨੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਤੇ ਸਮਾਜ ਸੇਵੀਆਂ ਤੇ ਹੋਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਸੋਮਵਾਰ ਨੂੰ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਮਨਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਐੱਸਪੀ ਅਰਵਿੰਦ ਮੀਨਾ, ਐੱਸਪੀ ਗੁਰਦੀਪ ਸਿੰਘ ਗੋਸਲ, ਆਰਟੀਓ. ਰਾਜਪਾਲ ਸਿੰਘ ਸੇਖੋਂ, ਜ਼ਿਲ੍ਹਾ ਮਾਲ ਅਫਸਰ ਜਸਵਿੰਦਰ ਸਿੰਘ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਤਿੰਦਰ ਕੌਰ, ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਮਾਰਕੀਟ ਕਮੇਟੀ ਚੇਅਰਮੈਨ ਰੂਪਨਗਰ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੁਵਮੈਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਪਰਮਿੰਦਰ ਸਿੰਘ ਬਾਲਾ, ਅਮਨਦੀਪ ਸਿੰਘ ਤੇ ਪ੍ਰੈੱਸ ਦੇ ਨੁਮਾਇੰਦੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।