ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਨੇ ਰੱਸਾ ਕੱਸੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਖ਼ਾਲਸਾ ਸਕੂਲ ਜੰਡ ਸਾਹਿਬ ਦੀਆਂ ਖਿਡਾਰਨਾਂ ਨੇ ਰੱਸਾ ਕੱਸੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ
Publish Date: Wed, 14 Oct 2026 04:40 PM (IST)
Updated Date: Wed, 14 Oct 2026 04:42 PM (IST)
ਗੁਰਮੁੱਖ ਸਿੰਘ ਸਲਾਹਪੁਰੀ, ਪੰਜਾਬੀ ਜਾਗਰਣ, ਬੇਲਾ/ਬਹਿਰਾਮਪੁਰ : ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਰੱਸਾ ਕੱਸੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੀ ਅੰਡਰ-14 ਸਾਲ ਵਰਗ ਦੀ ਟੀਮ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ-17 ਅਤੇ ਅੰਡਰ-19 ਸਾਲ ਵਰਗ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ ਵਿਖੇ ਜ਼ੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਰੱਸਾ ਕੱਸੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਖ਼ਾਲਸਾ ਸਕੂਲ ਜੰਡ ਸਾਹਿਬ ਦੀਆਂ ਅੰਡਰ-14, ਅੰਡਰ-17 ਅਤੇ ਅੰਡਰ-19 ਸਾਲ ਵਰਗ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਆਪਣੀ ਮਿਹਨਤ, ਲਗਨ, ਹੌਸਲੇ ਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਅੰਡਰ-14 ਸਾਲ ਵਰਗ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਤ ਦਾ ਪਰਚਮ ਲਹਿਰਾਇਆ, ਜਦਕਿ ਅੰਡਰ-17 ਅਤੇ ਅੰਡਰ-19 ਸਾਲ ਵਰਗ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਖੇਡ ਪ੍ਰਾਪਤੀਆਂ ਵਿੱਚ ਹੋਰ ਵਾਧਾ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਤਿੰਨਾਂ ਟੀਮਾਂ ਦੀਆਂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਖੇਡਾਂ ਜਿੱਥੇ ਸਰੀਰਕ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਉੱਥੇ ਹੀ ਬੱਚਿਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਮਾਨਸਿਕ ਮਜ਼ਬੂਤੀ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਸਕੂਲ ਦੇ ਡੀਪੀਈ ਜਸਵੰਤ ਸਿੰਘ ਦੀ ਅਣਥੱਕ ਮਿਹਨਤ ਅਤੇ ਯੋਗ ਮਾਰਗਦਰਸ਼ਨ ਨੂੰ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਤੇ ਵਿਦਿਆਰਥੀਆਂ ਦੀ ਲਗਨ ਸਦਕਾ ਹੀ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਸੰਭਵ ਹੁੰਦੀਆਂ ਹਨ। ਮੁਕਾਬਲਿਆਂ ’ਚ ਜਿੱਤ ਪ੍ਰਾਪਤ ਕਰਕੇ ਸਕੂਲ ਵਿਖੇ ਪਹੁੰਚਣ ਤੇ ਸਮੂਹ ਖਿਡਾਰਨਾਂ ਦਾ ਸਕੂਲ ਦੇ ਸਟਾਫ ਅਤੇ ਬੱਚਿਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਵੇਰ ਦੀ ਸਭਾ ਦੌਰਾਨ ਖਿਡਾਰਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸਕੂਲ ਦਾ ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।