ਇਕ ਹਫ਼ਤੇ ਅੰਦਰ ਕੀਰਤਪੁਰ ਸਾਹਿਬ-ਨੰਗਲ ਮਾਰਗ ਦੀ ਹੋਵੇਗੀ ਮੁਕੰਮਲ ਮੁਰੰਮਤ : ਹਰਜੋਤ ਬੈਂਸ 15 ਸਤੰਬਰ ਤੋਂ ਬਾਅਦ ਇੱਕ ਹਫ਼ਤੇ ਅੰਦਰ ਕੀਰਤਪੁਰ ਸਾਹਿਬ-ਨੰਗਲ ਮਾਰਗ ਦੀ ਹੋਵੇਗੀ ਮੁਕੰਮਲ ਮੁਰੰਮਤ : ਹਰਜੋਤ ਸਿੰਘ ਬੈਂਸ
Publish Date: Mon, 07 Sep 2026 05:40 PM (IST)
Updated Date: Mon, 07 Sep 2026 05:43 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਕੀਰਤਪੁਰ ਸਾਹਿਬ ਤੋਂ ਨੰਗਲ ਨੂੰ ਜੋੜਨ ਵਾਲੇ ਮੁੱਖ ਮਾਰਗ ਦੀ ਖ਼ਸਤਾ ਹਾਲਤ ਨੂੰ ਲੈ ਕੇ ਕੈਬਨਿਟ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸੜਕ ਦੀ ਮੁਰੰਮਤ ਦਾ ਕੰਮ 15 ਸਤੰਬਰ ਤੋਂ ਬਾਅਦ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਰੰਮਤ ਲਈ ਲੋੜੀਂਦਾ ਪਲਾਂਟ 15 ਸਤੰਬਰ ਤੱਕ ਬੰਦ ਹੋਣ ਕਾਰਨ ਕੰਮ ’ਚ ਦੇਰੀ ਹੋ ਰਹੀ ਹੈ। ਇਸ ਕਾਰਨ ਲੋਕਾਂ ਨੂੰ ਆ ਰਹੀ ਪਰੇਸ਼ਾਨੀ ਤੋਂ ਉਹ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਹੋ ਰਹੀ ਬਾਰਿਸ਼ ਕਾਰਨ ਕੀਰਤਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਕਈ ਥਾਵਾਂ ’ਤੇ ਸੜਕ ਦੀ ਹਾਲਤ ਹੋਰ ਵੀ ਖ਼ਸਤਾ ਹੋਈ ਹੈ। ਲਗਾਤਾਰ ਮੀਂਹ ਪੈਣ ਕਾਰਨ ਸੜਕ ਦੀ ਮੁਰੰਮਤ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਮੁਰੰਮਤ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ 15 ਸਤੰਬਰ ਨੂੰ ਪਲਾਂਟ ਖੁੱਲ੍ਹਣ ਉਪਰੰਤ ਮੁਰੰਮਤ ਦਾ ਕੰਮ ਪੂਰੀ ਗਤੀ ਨਾਲ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਕ ਹਫ਼ਤੇ ਦੇ ਅੰਦਰ ਕੀਰਤਪੁਰ ਸਾਹਿਬ ਤੋਂ ਨੰਗਲ ਤੱਕ ਪੂਰੇ ਮੁੱਖ ਮਾਰਗ ਦੀ ਮੁਰੰਮਤ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਦੇਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਕੰਮ ਦੀ ਗੁਣਵੱਤਾ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮਾਰਗ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੰਗਲ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮੁਰੰਮਤ ਦਾ ਕੰਮ ਪੂਰਾ ਹੋਣ ਨਾਲ ਆਵਾਜਾਈ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਸੜਕ ਦੀ ਖ਼ਸਤਾ ਹਾਲਤ ਕਾਰਨ ਆਮ ਲੋਕਾਂ ਨੂੰ ਹੋ ਰਹੀ ਮੁਸ਼ਕਿਲ ਲਈ ਦਿਲੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।