ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ ਕੋਮਲ ਮਿੱਤਲ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
Publish Date: Wed, 11 Nov 2026 05:21 PM (IST)
Updated Date: Wed, 11 Nov 2026 05:24 PM (IST)
ਜ਼ਿਲ੍ਹਾ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਦਾ ਦਿੱਤਾ ਭਰੋਸਾ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : 2014 ਬੈਚ ਦੇ ਆਈਏਐੱਸ. ਅਧਿਕਾਰੀ ਕੋਮਲ ਮਿੱਤਲ ਨੇ ਬੁੱਧਵਾਰ ਨੂੰ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਅਦਿੱਤਿਆ ਡੇਚਲਵਾਲ ਦੀ ਥਾਂ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਨਿਯੁਕਤੀ ਡਿਪਟੀ ਕਮਿਸ਼ਨਰ ਮੋਹਾਲੀ ਵਜੋਂ ਕੀਤੀ ਗਈ ਹੈ। ਕੋਮਲ ਮਿੱਤਲ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਆਪਣੇ ਪ੍ਰਸ਼ਾਸਨਿਕ ਤਜਰਬੇ ਦੌਰਾਨ ਉਹ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਜ) ਤੇ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਧੀਕ ਸਕੱਤਰ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਪੰਜਾਬ, ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਤੇ ਉਪ ਮੰਡਲ ਮੈਜਿਸਟ੍ਰੇਟ, ਮੁਕੇਰੀਆਂ ਸਮੇਤ ਵੱਖ-ਵੱਖ ਅਹਿਮ ਪ੍ਰਸ਼ਾਸਨਿਕ ਅਹੁਦਿਆਂ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਮੌਕੇ ਕੋਮਲ ਮਿੱਤਲ ਨੇ ਰੂਪਨਗਰ ਜ਼ਿਲ੍ਹੇ ਦੇ ਲੋਕਾਂ ਦੀ ਪੂਰੀ ਤਨਦੇਹੀ, ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪੁਲੀਸ ਵੱਲੋਂ ਕੋਮਲ ਮਿੱਤਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦਾ ਸਵਾਗਤ ਸੀਨੀਅਰ ਪੁਲੀਸ ਕਪਤਾਨ ਰੂਪਨਗਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਉਪ ਮੰਡਲ ਮੈਜਿਸਟ੍ਰੇਟ ਰੂਪਨਗਰ ਜਸਪ੍ਰੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕੀਤਾ ਗਿਆ।