ਪੀਯੂ ’ਚ ਵਿਦਿਆਰਥੀਆਂ ‘ਤੇ ਲਾਠੀਚਾਰਜ ਨਿੰਦਣਯੋਗ : ਭਾਈ ਚਾਵਲਾ
ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ‘ਤੇ ਲਾਠੀਚਾਰਜ ਨਿੰਦਣਯੋਗ: ਭਾਈ ਅਮਰਜੀਤ ਸਿੰਘ ਚਾਵਲਾ
Publish Date: Wed, 11 Mar 2026 04:26 PM (IST)
Updated Date: Wed, 11 Mar 2026 04:30 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ਼੍ਰੀ ਆਨੰਦਪੁਰ ਸਾਹਿਬ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਭਾਜਪਾ ਅਤੇ ਆਰਐੱਸਐੱਸ ਦੇ ਪ੍ਰਚਾਰਕਾਂ ਦੇ ਸੈਮੀਨਾਰ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਵਿਦਿਆਰਥੀਆਂ ਦੀਆਂ ਦਸਤਾਰਾਂ ਲੱਥਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਨਿੰਦਾ ਕੀਤੀ ਹੈ। ਭਾਈ ਚਾਵਲਾ ਨੇ ਕਿਹਾ ਕਿ ਵਿਦਿਆਰਥੀਆਂ ਦਾ ਸ਼ਾਂਤੀਪੂਰਵਕ ਵਿਰੋਧ ਕਰਨਾ ਉਨ੍ਹਾਂ ਦਾ ਲੋਕਤੰਤਰਿਕ ਹੱਕ ਹੈ, ਪਰ ਚੰਡੀਗੜ੍ਹ ਪੁਲੀਸ ਵੱਲੋਂ ਉਨ੍ਹਾਂ ‘ਤੇ ਲਾਠੀਚਾਰਜ ਕਰਨਾ ਅਤੇ ਜਬਰਦਸਤੀ ਹਿਰਾਸਤ ਵਿਚ ਲੈਣਾ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਈ ਸਿੱਖ ਵਿਦਿਆਰਥੀਆਂ ਦੀਆਂ ਦਸਤਾਰਾਂ ਜਬਰੀ ਉਤਰਨ ਨਾਲ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਦਸਤਾਰ ਸਿਰਫ਼ ਪਹਿਰਾਵਾ ਨਹੀਂ, ਸਗੋਂ ਆਤਮ-ਸਨਮਾਨ ਅਤੇ ਧਾਰਮਿਕ ਪਛਾਣ ਦੀ ਨਿਸ਼ਾਨੀ ਹੈ ਤੇ ਕਿਸੇ ਵੀ ਹਾਲਤ ਵਿਚ ਇਸ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਵਿਚ ਵਿਚਾਰਾਂ ਦੀ ਅਜ਼ਾਦੀ ਅਤੇ ਵਿਰੋਧ ਦਾ ਅਧਿਕਾਰ ਹੋਣਾ ਚਾਹੀਦਾ ਹੈ, ਨਾ ਕਿ ਪੁਲੀਸ ਬਲ ਦੇ ਜ਼ਰੀਏ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਇਆ ਜਾਵੇ। ਭਾਈ ਅਮਰਜੀਤ ਸਿੰਘ ਚਾਵਲਾ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜਿਨ੍ਹਾਂ ਪੁਲੀਸ ਅਧਿਕਾਰੀਆਂ ਜਾਂ ਮੁਲਾਜ਼ਮਾਂ ਨੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਪਛਾਣ ਨਾਲ ਜੁੜੀਆਂ ਭਾਵਨਾਵਾਂ ਦਾ ਆਦਰ ਕਰਨਾ ਹਰ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖ ਰਹੀ ਹੈ ਅਤੇ ਸਿੱਖ ਵਿਦਿਆਰਥੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।