ਸਿੱਖਾਂ ’ਚ ਸ਼ਰਧਾ ਦੀ ਥਾਂ ਡਰ ਪੈਦਾ ਕਰਨ ਵਾਲਾ ਕਾਨੂੰਨ : ਭਾਈ ਚਾਵਲਾ
ਸਿੱਖਾਂ ਵਿੱਚ ਸ਼ਰਧਾ ਦੀ ਥਾਂ ਡਰ ਪੈਦਾ ਕਰਨ ਵਾਲਾ ਕਾਨੂੰਨ: ਭਾਈ ਚਾਵਲਾ
Publish Date: Mon, 04 May 2026 04:24 PM (IST)
Updated Date: Mon, 04 May 2026 04:26 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਨਵਾਂ ਕਾਨੂੰਨ ਸਿੱਖਾਂ ਦੇ ਮਨਾਂ ਵਿੱਚ ਸ਼ਰਧਾ ਦੀ ਥਾਂ ਡਰ ਪੈਦਾ ਕਰਨ ਵਾਲਾ ਕਾਨੂੰਨ ਸਾਬਤ ਹੋ ਰਿਹਾ ਹੈ ਅਤੇ ਇਸ ਦੀ ਦੁਬਾਰਾ ਪੜਤਾਲ ਹੋਣੀ ਚਾਹੀਦੀ ਹੈ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਆਗੂ ਭਾਈ ਅਮਰਜੀਤ ਸਿੰਘ ਚਾਵਲਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਦੇ ਜੀਵਨ ਦਾ ਕੇਂਦਰ ਹਨ ਅਤੇ ਇਸ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਬਹੁਤ ਸੰਵੇਦਨਸ਼ੀਲਤਾ ਅਤੇ ਸਾਵਧਾਨੀ ਦੀ ਲੋੜ ਹੁੰਦੀ ਹੈ। ਸਰਕਾਰ ਵੱਲੋਂ ਬਣਾਇਆ ਗਿਆ ਇਹ ਕਾਨੂੰਨ ਭਾਵੇਂ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਣਾਇਆ ਗਿਆ ਦੱਸਿਆ ਜਾ ਰਿਹਾ ਹੈ, ਪਰ ਇਸ ਦੇ ਕਈ ਪੱਖ ਅਜਿਹੇ ਹਨ ਜੋ ਸਿੱਖ ਸਮਾਜ ਵਿੱਚ ਚਿੰਤਾ ਅਤੇ ਅਸੰਤੁਸ਼ਟੀ ਪੈਦਾ ਕਰ ਰਹੇ ਹਨ। ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸਰਕਾਰ ਨੂੰ ਸਿੱਖ ਧਰਮ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦਾ ਕਾਨੂੰਨ ਬਣਾਉਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਸਥਾਰ ਵਿੱਚ ਵਿਚਾਰ-ਮਸ਼ਵਰਾ ਕਰਨਾ ਚਾਹੀਦਾ ਸੀ। ਇਹ ਬਹੁਤ ਅਫਸੋਸ ਦੀ ਗੱਲ ਹੈ ਕਿ ਬਿਨ੍ਹਾਂ ਕਿਸੇ ਵਿਸ਼ਾਲ ਸਲਾਹ-ਮਸ਼ਵਰੇ ਦੇ ਇਹ ਕਾਨੂੰਨ ਤਿਆਰ ਕੀਤਾ ਗਿਆ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪਹਿਲਾਂ ਵੀ ਕਈ ਵਾਰ ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ਼ ਕਰ ਚੁੱਕੀ ਹੈ ਅਤੇ ਹੁਣ ਇਹ ਕਾਨੂੰਨ ਉਸੇ ਕੜੀ ਦਾ ਹਿੱਸਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਮਾਮਲੇ ਸੰਵੇਦਨਸ਼ੀਲ ਹਨ ਅਤੇ ਇਨ੍ਹਾਂ ਵਿੱਚ ਬਿਨ੍ਹਾਂ ਸਲਾਹ ਦੇ ਕੀਤੀ ਗਈ ਕਿਸੇ ਵੀ ਕਾਰਵਾਈ ਨਹੀਂ ਹੋਣੀ ਚਾਹੀਦੀ। ਭਾਈ ਚਾਵਲਾ ਨੇ ਇਹ ਵੀ ਕਿਹਾ ਕਿ ਇਸ ਕਾਨੂੰਨ ਦੇ ਜ਼ਰੀਏ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਸਕਦਾ ਹੈ, ਜੋ ਸਿੱਖ ਧਰਮ ਦੀ ਮੂਲ ਭਾਵਨਾ ਦੇ ਵਿਰੁੱਧ ਹੈ। ਸਿੱਖ ਧਰਮ ਵਿੱਚ ਸ਼ਰਧਾ, ਸੇਵਾ ਅਤੇ ਸੱਚਾਈ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਂਦਾ ਹੈ।