ਸਟਾਫ ਰਿਪੋਰਟਰ, ਰੂਪਨਗਰ : ਸ਼ਹਿਰ ਵਾਸੀਆਂ ਦੇ ਪ੍ਰਤੀਨਿਧੀ ਮੰਡਲ ਵੱਲੋਂ ਕੌਂਸਲਰ ਹਰਮਿੰਦਰਪਾਲ ਸਿੰਘ ਵਾਲੀਆ ਦੀ ਅਗਵਾਈ ਵਿਚ ਇਕ ਮੰਗ ਪੱਤਰ ਡੀਸੀ ਰੂਪਨਗਰ ਨੂੰ ਏਡੀਸੀ (ਜਨਰਲ) ਦੀਪਸ਼ੀਖਾ ਸ਼ਰਮਾ ਰਾਹੀਂ ਗਿਆ। ਇਸ ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਪੀਣ ਵਾਲਾ ਪਾਣੀ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੋਂ ਲੀਕ ਕਰ ਰਿਹਾ ਹੈ, ਜਿਸ ਨੂੰ ਤੁਰੰਤ ਰੋਕਿਆ ਜਾਵੇ, ਗੰਦੇ ਪਾਣੀ ਦੀ ਸੋਧ ਲਈ ਉਪਰਾਲੇ ਕੀਤੇ ਜਾਣ, ਫੈਕਟਰੀਆਂ ਦੇ ਦੂਸ਼ਿਤ ਪਾਣੀ ਦੀ ਨਿਕਾਸੀ 'ਤੇ ਸਖ਼ਤੀ ਨਾਲ ਰੋਕ ਲਾਈ ਜਾਵੇ, ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਲਗਾਤਾਰ ਗੰਭੀਰ ਰੂਪ ਧਾਰਣ ਕਰਦੀ ਜਾ ਰਹੀ ਹੈ। ਜਿਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨ ਪ੍ਰਤੀ ਦਿਨ ਡਿੱਗਦਾ ਜਾ ਰਿਹਾ ਹੈ, ਉਥੇ ਪਾਣੀ ਦਾ ਪ੍ਰਦੂਸ਼ਣ ਵੀ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਹਰੇਕ ਵਿਅਕਤੀ ਦਾ ਪਾਣੀ ਦੀ ਸਮੱਸਿਆ ਪ੍ਰਤੀ ਗੰਭੀਰ ਹੋਣਾ ਬਹੁਤ ਹੀ ਜ਼ਰੂਰੀ ਹੈ। ਹਰ ਇਕ ਵਿਅਕਤੀ ਸਮਾਜ ਦਾ ਹਿੱਸਾ ਹੈ ਅਤੇ ਉਸ ਨੂੰ ਪਾਣੀ ਬਚਾਉਣ ਦੀ ਜ਼ਰੂਰਤ ਹੈ। ਜੇਕਰ ਸਮਾਂ ਰਹਿੰਦੇ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਇਸ ਦੇ ਗੰਭੀਰ ਸਿੱਟੇ ਦੇਖਣ ਨੂੰ ਮਿਲ ਸਕਦੇ ਹਨ।