ਸਰਬਜੀਤ ਸਿੰਘ, ਰੂਪਨਗਰ

ਕੈਪਟਨ ਸਰਕਾਰ ਦੀ ਪਿਛਲੇ ਸਾਢੇ ਤਿੰਨ ਸਾਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ ਵੱਖ ਸਥਾਨਾਂ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਰੋਪੜ ਵਿਖੇ ਵਾਰਡ ਨੰਬਰ 6,7 ਅਤੇ 8 ਦਾ ਸਾਂਝਾ ਧਰਨਾ ਆਸ਼ੀਰਵਾਦ ਹੋਟਲ ਦੇ ਸਾਹਮਣੇ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸਾਬਕਾ ਅਕਾਲੀ ਕੌਂਸਲਰ ਹਰਜੀਤ ਕੌਰ, ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ ਨੇ ਕਿਹਾ ਕਿ ਕੈਪਟਨ ਸਰਕਾਰ ਹੁਣ ਤਕ ਕੋਈ ਵੀ ਵਿਕਾਸ ਦਾ ਕੰਮ ਨਹੀਂ ਕਰਵਾ ਸਕੀ ਹੈ ਅਤੇ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਦੇ ਚੋਣ ਮਨੋਰਥ ਪੱਤਰ ਅਨੁਸਾਰ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਲਈ 51 ਹਜ਼ਾਰ ਦੀ ਸ਼ਗਨ ਰਾਸ਼ੀ ਨਾ ਦੇਣ, ਐੱਸਸੀ ਵਿਦਿਆਰਥੀਆਂ ਦੇ ਬੰਦ ਕੀਤੇ ਵਜ਼ੀਫੇ ਲਾਗੂ ਕਰਨ, ਬੇਰੁਜ਼ਗਾਰੀ ਭੱਤਾ 2500 ਰੁਪਏ ਜਾਰੀ ਕਰਨ, ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ, ਘਰ ਘਰ ਨੌਕਰੀ ਦੇਣ ਦਾ ਵਾਅਦਾ ਪੂਰੀ ਕਰਨ, ਪਿਛਲੇ ਸਮੇਂ ਕੱਟੇ ਗਏ ਆਟਾ ਦਾਲ ਸਕੀਮ ਦੇ ਨੀਲੇ ਕਾਰਡ ਬਹਾਲ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਗੁਮਰਾਹ ਕੀਤਾ ਗਿਆ ਹੈ। ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਕਾਂਗਰਸ ਸਰਕਾਰ ਤੋਂ ਅੱਜ ਹਰ ਵਰਗ ਪਰੇਸ਼ਾਨ ਹੈ ਅਤੇ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮਾਫ ਕਰਨ, ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਅਤੇ ਨਸ਼ਿਆਂ ਨੂੰ ਇਕ ਹਫਤੇ ਵਿਚ ਬੰਦ ਕਰਨ ਦੇ ਝੂਠੇ ਵਾਅਦੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਤੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਵੇਗਾ। ਉਨ੍ਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਵਲੋਂ ਗਰੀਬ ਵਰਗ ਦੇ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਦੇ ਤਹਿਤ ਨੀਲੇ ਕਾਰਡ ਬਣਾਏ ਗਏ ਸਨ ਪਰ ਕਾਂਗਰਸ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਵੱਡੇ ਪੱਧਰ 'ਤੇ ਨੀਲੇ ਕਾਰਡ ਕੱਟ ਕੇ ਵੱਡੀ ਗਲਤੀ ਕੀਤੀ ਹੈ, ਜੋਕਿ ਕਦੇ ਵੀ ਮਾਫ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਮਹਾਮਾਰੀ ਫੈਲਣ ਤੋਂ ਬਾਅਦ ਲੋਕਾਂ ਦੀ ਸਾਰ ਨਹੀਂ ਲਈ ਗਈ ਅਤੇ ਆਪਣੇ ਫਾਰਮ ਹਾਊਸ ਤੋਂ ਬਾਹਰ ਨਹੀਂ ਆਏ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣ ਰਹੇ ਹਨ ਅਤੇ ਹਰ ਵਰਗ ਦੀ ਮੱਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਧਰਨਾ ਸੰਕੇਤਕ ਧਰਨਾ ਹੈ ਅਤੇ ਜੇਕਰ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੀ ਗਏ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ, ਜਸਵੰਤ ਸਿੰਅ , ਯੂਥ ਅਕਾਲੀ ਆਗੂ ਮਨਪ੍ਰਰੀਤ ਸਿੰਘ ਗਿੱਲ, ਸ਼ਮਿੰਦਰ ਸਿੰਘ, ਰਮੇਸ਼ਵਰ ਸ਼ਰਮਾ ਆਦਿ ਮੌਜੂਦ ਸਨ।