ਸਟਾਫ ਰਿਪੋਰਟਰ, ਰੂਪਨਗਰ : ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਸੋਨਾਲੀ ਗਿਰੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਰੂਪਨਗਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਬਾਅਦ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸੋਨਾਲੀ ਗਿਰੀ ਨੇ ਦੱਸਿਆ ਕਿ ਇਹ ਪਾਬੰਦੀ ਦੇ ਹੁਕਮ ਇਸ ਕਾਰਨ ਜਾਰੀ ਕੀਤੇ ਗਏ ਹਨ ਕਿ ਕਿਉਂਕਿ ਰਾਤ ਸਮੇਂ ਪਈ ਤਰੇਲ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡਾਂ ਤੋਂ ਵਧਣ ਦੀ ਸੰਭਾਵਨਾ ਹੁੰਦੀ ਹੈ। ਇਸ ਤੋਂ ਇਲਾਵਾ ਅੱਧ ਸੁੱਕੇ ਝੋਨੇ ਦੀ ਕਟਾਈ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਆਮ ਤੌਰ 'ਤੇ ਜ਼ਿਮੀਂਦਾਰ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ/ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾ ਦਿੰਦੇ ਹਨ। ਜਿਸ ਨਾਲ ਵਾਤਾਵਰਨ, ਜੀਵ-ਜੰਤੂਆਂ, ਲਾਗੇ ਖੜੀ ਫ਼ਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰੱਖਤਾਂ ਨੂੰ ਨੁਕਸਾਨ ਹੋਣਾ ਦਾ ਡਰ ਰਹਿੰਦਾ ਹੈ ਅਤੇ ਆਮ ਪਬਲਿਕ ਦੀ ਸਿਹਤ 'ਤੇ ਬੁਰਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖ਼ਤਮ ਹੁੰਦੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਵੱਖਰੇ ਹੁਕਮ ਵਿਚ ਕਿਹਾ ਹੈ ਕਿ ਜ਼ਿਲੇ ਵਿਚ ਸਾਰੀਆਂ ਕੰਬਾਈਨਾਂ ਬਿਓਰੋ ਆਫ ਇੰਡੀਅਨ ਸਟੈਂਡਰਡ ਸਰਟੀਫਿਕੇਟ ਮੁਤਾਬਿਕ ਹੀ ਹੋਣੀਆਂ ਚਾਹੀਦੀਆਂ ਹਨ ਕੋਈ ਵੀ ਕੰਬਾਈਨ ਹਾਰਵੇਸਟਰ ਸੂਪਰ ਐੱਸਐੱਮਐੱਸ ਲਗਾਏ ਬਗੈਰ ਨਹੀਂ ਵਰਤਿਆ ਜਾਵੇ। ਜੇਕਰ ਕੋਈ ਵਿਅਕਤੀ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਪਹਿਲਾਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਦਾ ਪਾਇਆ ਗਿਆ ਤਾਂ ਉਸ ਦੀ ਕੰਬਾਈਨ 7 ਦਿਨਾਂ ਲਈ ਜਬਤ ਕਰ ਲਈ ਜਾਵੇਗੀ। ਇਹ ਹੁਕਮ 15 ਨਵੰਬਰ 2020 ਤਕ ਲਾਗੂ ਰਹਿਣਗੇ।