ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ
Publish Date: Tue, 27 Oct 2026 03:17 PM (IST)
Updated Date: Tue, 27 Oct 2026 03:19 PM (IST)
ਸਟਾਫ਼ ਰਿਪੋਰਟਰ,ਪੰਜਾਬੀ ਜਾਗਰਣ, ਰੂਪਨਗਰ : ਪਿੰਡ ਕੋਟਲਾ ਨਿਹੰਗ ਵਿਖੇ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ। ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਮਹਾਰਿਸ਼ੀ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਲਾਕ ਸੰਮਤੀ ਮੋਰਿੰਡਾ ਦੇ ਵਾਈਸ ਚੇਅਰਮੈਨ ਨਰਿੰਦਰ ਸਿੰਘ ਸੋਨੂੰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਨੇਕੀ, ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ’ਚ ਆਪਸੀ ਭਾਈਚਾਰਾ, ਪ੍ਰੇਮ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਨਰਿੰਦਰ ਸਿੰਘ ਸੋਨੂੰ ਨੇ ਸਮਾਗਮ ਦਾ ਸੁਚੱਜਾ ਪ੍ਰਬੰਧ ਕਰਨ ਲਈ ਪ੍ਰਬੰਧਕਾਂ ਦੀ ਸ਼ਲਾਘਾ ਵੀ ਕੀਤੀ। ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ ਅਤੇ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ’ਚ ਭਾਗ ਲਿਆ। ਇਸ ਮੌਕੇ ਧਰਮਪਾਲ ਸਿੰਘ, ਦਵਿੰਦਰ ਸਿੰਘ ਮਨੀ, ਜਸਵੀਰ ਸਿੰਘ, ਸਰਬਜੀਤ ਸਿੰਘ,ਕਾਲਾ ਸਿੰਘ ਆਦਿ ਹਾਜ਼ਰ ਸਨ।