25 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਚਾਰ ਕਾਬੂ
ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ
Publish Date: Wed, 22 Apr 2026 04:10 PM (IST)
Updated Date: Wed, 22 Apr 2026 04:13 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਨੂੰ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ 25 ਗ੍ਰਾਮ ਨਸ਼ੀਲਾ ਪਾਊਡਰ , 25 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਕਾਰ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਡੀਐਸਪੀ ਜਸ਼ਨਦੀਪ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ। ਇਸ ਮੌਕੇ ਥਾਣਾ ਮੁੱਖੀ ਦਾਨਿਸ਼ਵੀਰ ਸਿੰਘ ਵੀ ਮੌਜੂਦ ਸਨ। ਡੀਐਸਪੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਵੇਚਣ ਵਾਲਿਆਂ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਐਸਆਈ ਸਰਤਾਜ ਸਿੰਘ ਸਮੇਤ ਪੁਲਿਸ ਪਾਰਟੀ ਪੰਜ ਪਿਆਰਾ ਚੌਂਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਜੂਦ ਸੀ, ਜਦੋਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਅਕੈਡਮੀ ਰੋਡ ਵਿਖੇ ਇਕ ਗੈਸਟ ਹਾਊਸ ’ਤੇ ਕੁਝ ਨਸ਼ਾ ਤਸਕਰ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਹਨ ਅਤੇ 8 ਗਾਹਕਾਂ ਨੂੰ ਸਪਲਾਈ ਕਰਨ ਲਈ ਉਥੇ ਮੌਜੂਦ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੁਕੱਦਮਾ ਨੰਬਰ 74 ਮਿਤੀ 21.04.2026 ਅਧੀਨ ਧਾਰਾ 21, 61 ਅਤੇ 85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਰਾਇਲ ਗੈਸਟ ਹਾਊਸ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਤਜਿੰਦਰ ਕੁਮਾਰ ਉਰਫ ਰਵੀ, ਹਰਦੀਪ ਸਿੰਘ ਉਰਫ ਹੈਪੀ, ਸੁਰਿੰਦਰ ਸ਼ਰਮਾ ਉਰਫ ਮੰਨੂ ਅਤੇ ਰਵੀ ਕੁਮਾਰ ਉਰਫ ਰਵੀ ਹੰਸ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਪੁਲਿਸ ਨੇ ਦੋਸ਼ੀਆਂ ਕੋਲੋਂ 25 ਗ੍ਰਾਮ ਨਸ਼ੀਲਾ ਪਾਊਡਰ, 25 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਕਾਰ ਨੰਬਰ ਪੀਬੀ-16ਐਚ-9896 ਬਰਾਮਦ ਕੀਤੀ ਹੈ। ਪੁੱਛਗਿੱਛ ਦੌਰਾਨ ਜਰਨੈਲ ਸਿੰਘ ਵਾਸੀ ਮੀਆਂਪੁਰ ਦਾ ਨਾਮ ਵੀ ਸਾਹਮਣੇ ਆਇਆ ਹੈ, ਜਿਸ ਨੂੰ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀਐਸਪੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ ਅਤੇ ਲੋੜ ਪੈਣ ‘ਤੇ ਹੋਰ ਰਿਮਾਂਡ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ, ਤਾਂ ਜੋ ਨਸ਼ਾ ਸਪਲਾਈ ਦੀ ਪੂਰੀ ਚੇਨ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਪਹਿਲਾਂ ਵੀ ਗੈਰਕਾਨੂੰਨੀ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਰਹੇ ਹਨ ਅਤੇ ਉਨ੍ਹਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਡੀਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲੇ ਜਾ ਰਹੇ ਹਨ ਅਤੇ ਜੋ ਵੀ ਵਿਅਕਤੀ ਇਸ ਰੈਕਟ ਨਾਲ ਜੁੜਿਆ ਮਿਲੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।