ਸਾਊਦੀ ਅਰਬ ’ਚ ਫਸੇ ਨੌਜਵਾਨਾਂ ਦੇ ਮਾਮਲੇ ’ਚ ਮੇਜਰ ਅੰਜੂ ਬਾਲਾ ਨੇ ਘੱਟ ਗਿਣਤੀ ਕਮਿਸ਼ਨ ਨੂੰ ਸੌਂਪਿਆ ਮੰਗ ਪੱਤਰ ਪੰਜਾਬੀ ਨੌਜਵਾਨਾਂ ਮਾਮਲਾ ਵਿਚ ਮੇਜਰ ਅੰਜੂ ਬਾਲਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਕੀਤੀ ਪਹੁੰਚ
Publish Date: Mon, 12 Oct 2026 04:27 PM (IST)
Updated Date: Mon, 12 Oct 2026 04:29 PM (IST)
ਬਾਟਮ...........ਅਸ਼ੋਕ ਚੇਤਲ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਜਾਨ ਬਚਾਉਣ ਅਤੇ ਉਨ੍ਹਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਭਾਰਤੀ ਜਨਤਾ ਪਾਰਟੀ ਨੇ ਗੰਭੀਰ ਕਦਮ ਚੁੱਕਿਆ ਹੈ। ਸਾਊਦੀ ਅਰਬ ਦੀ ਇੱਕ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਕਾਰਨ ਸੰਕਟ ਵਿਚ ਘਿਰੇ ਗੁਰਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਬਰਸਾਲਪੁਰ, ਤਹਿਸੀਲ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਅਤੇ ਸੁਖਚੈਨ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਪਿੰਡ ਮਾਣਕੀ, ਜ਼ਿਲ੍ਹਾ ਲੁਧਿਆਣਾ ਦੀ ਰਿਹਾਈ ਲਈ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਭਾਜਪਾ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਮੇਜਰ ਅੰਜੂ ਬਾਲਾ ਨੇ ਚੇਅਰਮੈਨ ਨੂੰ ਪੂਰੇ ਮਾਮਲੇ ਦੀ ਗੰਭੀਰਤਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਦੋਵੇਂ ਨੌਜਵਾਨ ਬੇਹੱਦ ਨਾਜ਼ੁਕ ਹਾਲਾਤਾਂ ਵਿੱਚੋਂ ਲੰਘ ਰਹੇ ਹਨ ਅਤੇ ਅਦਾਲਤ ਵੱਲੋਂ ਸੁਣਾਈ ਗਈ ਮੌਤ ਦੀ ਸਜ਼ਾ ਕਾਰਨ ਪੰਜਾਬ ਵਿਚ ਉਨ੍ਹਾਂ ਦੇ ਪਰਿਵਾਰ ਗਹਿਰੇ ਸਦਮੇ ਅਤੇ ਚਿੰਤਾ ’ਚ ਹਨ। ਉਨ੍ਹਾਂ ਚੇਅਰਮੈਨ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਰਿਆਧ ਸਥਿਤ ਭਾਰਤੀ ਦੂਤਾਵਾਸ ਰਾਹੀਂ ਸਾਊਦੀ ਅਰਬ ਸਰਕਾਰ ਨਾਲ ਉੱਚ ਪੱਧਰੀ ਕੂਟਨੀਤਕ ਗੱਲਬਾਤ ਕਰਕੇ ਇਸ ਸਜ਼ਾ ਨੂੰ ਰੱਦ ਕਰਵਾਉਣ ਅਤੇ ਨੌਜਵਾਨਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਉਣ ਲਈ ਤੁਰੰਤ ਦਖ਼ਲ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਇਸ ਮਾਮਲੇ ਨੂੰ ਬੇਹੱਦ ਸੰਵੇਦਨਸ਼ੀਲ ਦੱਸਦਿਆਂ ਵਫ਼ਦ ਨੂੰ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਵਿਦੇਸ਼ ਮੰਤਰਾਲੇ ਨਾਲ ਤੁਰੰਤ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿਵਾਉਣ ਤੇ ਉਨ੍ਹਾਂ ਦੀ ਜਾਨ ਬਚਾਉਣ ਲਈ ਹਰ ਸੰਭਵ ਤੇ ਢੁਕਵੀਂ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ============= ਮੇਜਰ ਅੰਜੂ ਬਾਲਾ ਹੋਏ ਭਾਵੁਕ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੂੰ ਮਿਲਣ ਉਪਰੰਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਲੋਕਾਂ ਦੀ ਸੇਵਾ ਵਿਚ ਜੁਟੀ ਭਾਜਪਾ ਦੀ ਮਹਿਲਾ ਆਗੂ ਮੇਜਰ ਅੰਜੂ ਬਾਲਾ ਨੇ ਭਾਵੁਕ ਹੁੰਦਿਆਂ ਕਿਹਾਕਿ ਸੁਖਚੈਨ ਸਿੰਘ ਅਤੇ ਗੁਰਦੀਪ ਸਿੰਘ ਸਾਡੇ ਪੰਜਾਬ ਦੇ ਪੁੱਤਰ ਹਨ, ਵਿਦੇਸ਼ ਦੀ ਧਰਤੀ ’ਤੇ ਉਨ੍ਹਾਂ ਨੂੰ ਮੌਤ ਦੇ ਮੂੰਹ ਵਿੱਚੋਂ ਕੱਢ ਕੇ ਸੁਰੱਖਿਅਤ ਆਪਣੇ ਘਰ-ਪਰਿਵਾਰ ਤੱਕ ਪਹੁੰਚਾਉਣ ਲਈ ਜੋ ਵੀ ਕਾਨੂੰਨੀ, ਪ੍ਰਸ਼ਾਸਨਿਕ ਜਾਂ ਕੂਟਨੀਤਕ ਯਤਨ ਕਰਨੇ ਪੈਣਗੇ, ਮੈਂ ਪੂਰੀ ਵਾਹ ਲਾਵਾਂਗੀ। ਮੈਂ ਆਪਣੇ ਹਲਕੇ ਸ੍ਰੀ ਚਮਕੌਰ ਸਾਹਿਬ ਅਤੇ ਸਮੁੱਚੇ ਪੰਜਾਬ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਇੱਕ ਪਰਿਵਾਰਕ ਜੀਅ ਵਾਂਗ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹਾਂਗੀ। ਇਸ ਪਹਿਲਕਦਮੀ ਤੋਂ ਬਾਅਦ ਪੀੜਤ ਪਰਿਵਾਰਾਂ ਅਤੇ ਇਲਾਕਾ ਨਿਵਾਸੀਆਂ ’ਚ ਨੌਜਵਾਨਾਂ ਦੀ ਜ਼ਿੰਦਗੀ ਬਚਣ ਅਤੇ ਵਤਨ ਵਾਪਸੀ ਦੀ ਨਵੀਂ ਉਮੀਦ ਜਾਗੀ ਹੈ।