ਰੂਪਨਗਰ ਨੂੰ ਖ਼ੂਬਸੂਰਤ ਬਣਾਉਣਾ ਸਾਡੀ ਤਰਜੀਹ : ਚੱਢਾ ਰੂਪਨਗਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖ਼ੂਬਸੂਰਤ ਬਣਾਉਣਾ ਸਾਡੀ ਤਰਜੀਹ: ਚੱਢਾ
Publish Date: Mon, 07 Sep 2026 07:08 PM (IST)
Updated Date: Mon, 07 Sep 2026 07:10 PM (IST)
ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸਫ਼ਾਈ ਮੁਹਿੰਮ ਜਾਰੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਰੂਪਨਗਰ ਸ਼ਹਿਰ ਨੂੰ ਕੂੜਾ-ਮੁਕਤ, ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਨਗਰ ਕੌਂਸਲ ਰੂਪਨਗਰ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਸਫ਼ਾਈ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸ਼ਹਿਰ ਦੇ ਮੁੱਖ ਮਾਰਗਾਂ, ਚੌਕਾਂ, ਡਿਵਾਈਡਰਾਂ ਤੇ ਆਲੇ-ਦੁਆਲੇ ਦੇ ਖੇਤਰਾਂ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ਵਿਚ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੇ ਨਾਲ ਇਲਾਕਾ ਵਾਸੀਆਂ ਤੇ ਦੁਕਾਨਦਾਰਾਂ ਨੇ ਵੀ ਸਰਗਰਮ ਸਹਿਯੋਗ ਦਿੱਤਾ। ਚੱਢਾ ਨੇ ਕਿਹਾ ਕਿ ਰੂਪਨਗਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਤੇ ਖ਼ੂਬਸੂਰਤ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹਾਂ ’ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਸਿਰਫ਼ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟਣ ਤੇ ਨਗਰ ਕੌਂਸਲ ਵੱਲੋਂ ਕੀਤੇ ਜਾ ਰਹੇ ਸਫ਼ਾਈ ਕਾਰਜਾਂ ’ਚ ਪੂਰਾ ਸਹਿਯੋਗ ਦੇਣ। ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣ ਲਈ ਨਗਰ ਕੌਂਸਲ ਵੱਲੋਂ ਸਫ਼ਾਈ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਲੋੜ ਮਹਿਸੂਸ ਹੁੰਦੀ ਹੈ, ਉੱਥੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿੱਲਾ ਅਤੇ ਸੁੱਕਾ ਕੂੜਾ ਨਿਰਧਾਰਤ ਢੰਗ ਨਾਲ ਨਗਰ ਕੌਂਸਲ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਨੂੰ ਹੀ ਸੌਂਪਣ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਫ਼ਾਈ ਟੀਮਾਂ ਵੱਲੋਂ ਸ਼ਹਿਰ ਦੇ ਮੁੱਖ ਮਾਰਗਾਂ, ਡਿਵਾਈਡਰਾਂ, ਫੁੱਟਪਾਥਾਂ ਅਤੇ ਖਾਲੀ ਥਾਵਾਂ ਤੋਂ ਕੂੜਾ-ਕਰਕਟ ਅਤੇ ਮਲਬਾ ਹਟਾ ਕੇ ਸਫ਼ਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸਫ਼ਾਈ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਦੀ ਪ੍ਰਵਿਰਤੀ ਨੂੰ ਰੋਕਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।