ਵੱਖ-ਵੱਖ ਆਯੁਸ਼ਮਾਨ ਅਰੋਗਿਆ ਕੇਂਦਰਾਂ ’ਚ ਮਨਾਇਆ ਮਮਤਾ ਦਿਵਸ ਵੱਖ-ਵੱਖ ਆਯੁਸ਼ਮਾਨ ਅਰੋਗਿਆ ਕੇਂਦਰਾਂ ਵਿਖੇ ਮਨਾਇਆ ਗਿਆ ਮਮਤਾ ਦਿਵਸ
Publish Date: Wed, 25 Nov 2026 05:11 PM (IST)
Updated Date: Wed, 25 Nov 2026 05:13 PM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਬਲਾਕ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਆਯੁਸ਼ਮਾਨ ਅਰੋਗਿਆ ਕੇਂਦਰਾਂ ’ਚ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਗੋਬਿੰਦ ਟੰਡਨ ਨੇ ਬੱਚਿਆਂ ਤੇ ਗਰਭਵਤੀ ਔਰਤਾਂ ਲਈ ਟੀਕਾਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਟੀਕਾਕਰਨ ਬੱਚਿਆਂ ਨੂੰ ਕਈ ਗੰਭੀਰ ਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਉਨ੍ਹਾਂ ਕਿਹਾ ਕਿ ਹਰ ਮਾਪੇ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਸਿਹਤ ਵਿਭਾਗ ਵੱਲੋਂ ਜਾਰੀ ਟੀਕਾਕਰਨ ਸ਼ਡਿਊਲ ਅਨੁਸਾਰ ਸਮੇਂ ਸਿਰ ਕਰਵਾਉਣਾ ਚਾਹੀਦਾ ਹੈ। ਇਸੇ ਤਰ੍ਹਾਂ ਗਰਭਵਤੀ ਔਰਤਾਂ ਲਈ ਵੀ ਨਿਰਧਾਰਤ ਟੀਕੇ ਲਗਵਾਉਣੇ ਬਹੁਤ ਜ਼ਰੂਰੀ ਹਨ, ਜਿਸ ਨਾਲ ਮਾਂ ਤੇ ਹੋਣ ਵਾਲੇ ਬੱਚੇ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ। ਇਸ ਮੌਕੇ ਲਖਮਿੰਦਰ ਸਿੰਘ ਹੈਲਥ ਵਰਕਰ ਨੇ ਸਰਦੀਆਂ ਦੇ ਮੌਸਮ ’ਚ ਬੱਚਿਆਂ ਨੂੰ ਖੰਘ, ਜ਼ੁਕਾਮ ਤੇ ਬੁਖਾਰ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਉਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਉਨ੍ਹਾਂ ਨੂੰ ਮੌਸਮ ਅਨੁਸਾਰ ਗਰਮ ਕੱਪੜੇ ਪਹਿਨਾਉਣੇ ਚਾਹੀਦੇ ਹਨ ਤੇ ਆਲੇ-ਦੁਆਲੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਬਿਮਾਰ ਵਿਅਕਤੀਆਂ ਦੇ ਸੰਪਰਕ ਤੋਂ ਬੱਚਿਆਂ ਨੂੰ ਬਚਾਉਣਾ ਤੇ ਹੱਥਾਂ ਦੀ ਸਫ਼ਾਈ ਰੱਖਣਾ ਵੀ ਬਹੁਤ ਜ਼ਰੂਰੀ ਹੈ। ਜੇਕਰ ਬੱਚੇ ਨੂੰ ਤੇਜ਼ ਬੁਖਾਰ, ਸਾਹ ਲੈਣ ’ਚ ਤਕਲੀਫ਼ ਜਾਂ ਹੋਰ ਗੰਭੀਰ ਲੱਛਣ ਹੋਣ ਤਾਂ ਤੁਰੰਤ ਸਿਹਤ ਕੇਂਦਰ ’ਚ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਸੁੰਦਰੀ ਦੇਵੀ ਐਲ.ਐਚ.ਵੀ ਨੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਜਨਮ ਤੋਂ ਪਹਿਲੇ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ। ਮਾਂ ਦਾ ਦੁੱਧ ਬੱਚੇ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਂਦਾ ਹੈ ਤੇ ਉਸ ਦੇ ਸਰੀਰਕ ਤੇ ਮਾਨਸਿਕ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ।ਇਸ ਮੌਕੇ ਤੇ ਲਖਵਿੰਦਰ ਸਿੰਘ ਹੈਲਥ ਸੁਪਰਵਾਈਜਰ, ਬੇਅੰਤ ਸਿੰਘ ਹੈਲਥ ਵਰਕਰ, ਮਨਦੀਪ ਕੌਰ ਏ.ਐੱਨ.ਐੱਮ, ਕਮਲਪ੍ਰੀਤ ਕੌਰ ਏ.ਐੱਨ.ਐੱਮ ਤੇ ਪਤਵੰਤੇ ਸੱਜਣ ਹਾਜ਼ਰ ਸਨ।