ਬੰਦ ਦੀ ਹਮਾਇਤ ’ਚ ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਬਿਜਲੀ ਮੁਲਾਜ਼ਮਾਂ ਵੱਲੋਂ ਭਰਵੀਂ ਰੋਸ ਰੈਲੀ
Publish Date: Thu, 27 Aug 2026 05:31 PM (IST)
Updated Date: Thu, 27 Aug 2026 05:34 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਮੁਲਾਜ਼ਮਾਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਵਿੱਚ ਪਾਵਰ ਕਾਰਪੋਰੇਸ਼ਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਰਵੀਂ ਰੋਸ ਰੈਲੀ ਕੀਤੀ ਗਈ। ਰੈਲੀ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਰੋਸ ਰੈਲੀ ਦੀ ਪ੍ਰਧਾਨਗੀ ਟੀਐਸਯੂ ਭੰਗਲ ਦੇ ਪ੍ਰਧਾਨ ਤਰਸੇਮ ਲਾਲ, ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਪ੍ਰਧਾਨ ਜਸਵਿੰਦਰ ਸਿੰਘ ਔਲਖ, ਪੈਨਸ਼ਨਰ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਭਾਗ ਸਿੰਘ ਭਾਊਵਾਲ ਅਤੇ ਜੇਈ ਕੌਂਸਲ ਦੇ ਪ੍ਰਧਾਨ ਇੰਜੀਨੀਅਰ ਕੁਲਵਿੰਦਰ ਸਿੰਘ ਝੱਜ ਨੇ ਕੀਤੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ’ਤੇ ਪੰਜਾਬ ਸਰਕਾਰ ਦੇ ਸਕੇਲ ਲਾਗੂ ਕੀਤੇ ਜਾਣ ਅਤੇ ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਵਿਤਕਰਾ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕਰਦਿਆਂ 17 ਜੁਲਾਈ 2020 ਦਾ ਪੱਤਰ ਰੱਦ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਬੁਲਾਰਿਆਂ ਨੇ ਬਿਜਲੀ ਐਕਟ 2003 ਅਤੇ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਨ ਅਤੇ ਬਿਜਲੀ ਬੋਰਡ ਦਾ ਪੁਰਾਣਾ ਸਰੂਪ ਬਹਾਲ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ 1948 ਦੇ ਐਕਟ ਅਨੁਸਾਰ ਹੀ ਤੈਅ ਕੀਤੀਆਂ ਜਾਣ। ਇਸ ਤੋਂ ਇਲਾਵਾ ਬਿਜਲੀ ਮੁਲਾਜ਼ਮਾਂ ਦਾ ਬਕਾਇਆ ਡੀਏ ਅਤੇ ਤਨਖਾਹ ਸਕੇਲਾਂ ਦਾ ਬਕਾਇਆ ਨਗਦ ਦੇਣ ਅਤੇ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਕ ਨਾਲ ਸੋਧਣ ਦੀ ਮੰਗ ਕੀਤੀ ਗਈ। ਰੈਲੀ ਦੌਰਾਨ ਪਾਵਰਕਾਮ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸਿੰਗ ਦੀ ਨੀਤੀ ਰੱਦ ਕਰਨ ਅਤੇ ਸਾਰੇ ਕੰਮ ਵਿਭਾਗੀ ਤੌਰ ’ਤੇ ਕਰਵਾਉਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ। ਇਸ ਮੌਕੇ ਕਾਮਰੇਡ ਜਸਵਿੰਦਰ ਸਿੰਘ ਢੇਰ, ਗੁਰਦਿਆਲ ਸਿੰਘ ਮਾਵੀ, ਦੇਸਰਾਜ ਘਈ, ਸੂਬਾ ਕੈਸ਼ੀਅਰ ਸੰਤੋਖ ਸਿੰਘ, ਰਾਮ ਕ੍ਰਿਸ਼ਨ ਬੈਂਸ, ਰਕੇਸ਼ ਬਾਲੀ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।