ਐੱਨਐੱਫਐੱਲ ਗਰਾਊਂਡ ਨੰਗਲ ਵਿਖੇ ਅੱਜ ਹੋਵੇਗੀ ਮੈਗਾ ਵਿਕਾਸ ਰੈਲੀ
ਐਨਐਫਐਲ ਗਰਾਊਂਡ ਨੰਗਲ ਵਿਖੇ ਅੱਜ ਹੋਵੇਗੀ ਮੈਗਾ ਵਿਕਾਸ ਰੈਲੀ
Publish Date: Mon, 30 Mar 2026 06:27 PM (IST)
Updated Date: Mon, 30 Mar 2026 06:30 PM (IST)

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਐਨਐਫਐਲ ਗਰਾਊਂਡ ਨੰਗਲ ਵਿਖੇ ਅੱਜ 31 ਮਾਰਚ ਨੂੰ ਇਕ ਵਿਸ਼ਾਲ ਮੈਗਾ ਵਿਕਾਸ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਕੇ ਨੰਗਲ ਅਤੇ ਆਸ-ਪਾਸ ਦੇ ਖੇਤਰਾਂ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਕਰਨਗੇ, ਕਈ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ ਅਤੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਮੈਗਾ ਵਿਕਾਸ ਰੈਲੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੌਕੇ ’ਤੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਉਨ੍ਹਾਂ ਨੇ ਖਾਸ ਤੌਰ ’ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਰੈਲੀ ਦੌਰਾਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਹੋਣ, ਤਾਂ ਜੋ ਇਹ ਮੈਗਾ ਵਿਕਾਸ ਰੈਲੀ ਸਫਲਤਾਪੂਰਵਕ ਆਯੋਜਿਤ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਰੈਲੀ ਵਿਚ ਪਹੁੰਚਣ ਵਾਲੇ ਲੋਕਾਂ ਲਈ ਮੈਡੀਕਲ ਟੀਮਾਂ ਅਤੇ ਐਮਬੂਲੈਂਸ ਦੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਐਸਐਸਪੀ ਰੂਪਨਗਰ ਮਨਿੰਦਰ ਸਿੰਘ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਤਾਂ ਜੋ ਸਮਾਗਮ ਦੌਰਾਨ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕਾਇਮ ਰਹੇ। ਮੀਟਿੰਗ ਵਿਚ ਏਡੀਸੀ ਚੰਦਰ ਜਯੋਤੀ ਸਿੰਘ ਆਈਏਐਸ, ਏਡੀਸੀ (ਜਨਰਲ) ਅਭਿਕੇਸ਼ ਗੁਪਤਾ, ਐਸਪੀ ਅਰਵਿੰਦ ਮੀਨਾ ਆਈਪੀਐਸ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ ਅਤੇ ਐਸਡੀਐਮ ਮੋਰਿੰਡਾ ਚੇਤਨ ਬੰਗੜ ਸ਼ਾਮਲ ਸਨ। ਡੀਐਸਪੀ ਹਰਕੀਰਤ ਸਿੰਘ, ਜਸ਼ਨਦੀਪ ਸਿੰਘ ਵੀ ਮੌਕੇ ’ਤੇ ਮੌਜੂਦ ਰਹੇ ਅਤੇ ਉਨ੍ਹਾਂ ਵੱਲੋਂ ਵੀ ਸੁਰੱਖਿਆ ਸਬੰਧੀ ਸੁਝਾਅ ਦਿੱਤੇ ਗਏ।