ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਮੰਗ ਪੱਤਰ, ਸਿੱਖ ਨੌਜਵਾਨ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਗੁਹਾਰ ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸਿੱਖ ਨੌਜਵਾਨ ਇੰਦਰਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਆਲ ਸਿੱਖ ਸਿਕਲੀਗਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਿਆ ਗਿਆ।
Publish Date: Fri, 09 Oct 2026 11:57 AM (IST)
Updated Date: Fri, 09 Oct 2026 11:58 AM (IST)
ਪੱਤਰਪ੍ਰੇਰਕ, ਸ੍ਰੀ ਅਨੰਦਪੁਰ ਸਾਹਿਬ : ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸਿੱਖ ਨੌਜਵਾਨ ਇੰਦਰਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਆਲ ਸਿੱਖ ਸਿਕਲੀਗਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਆਲ ਸਿੱਖ ਸਿਕਲੀਗਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਾਬਾ ਲਾਭ ਸਿੰਘ ਬਨੂੜ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਬਾਵਰੀ ਪਰਿਵਾਰਕ ਮੈਂਬਰਾਂ ਸਮੇਤ ਮੌਜੂਦ ਸਨ। ਉਨ੍ਹਾਂ ਜਥੇਦਾਰ ਸਾਹਿਬ ਨੂੰ ਮਾਮਲੇ ਦੀ ਗੰਭੀਰਤਾ ਨਾਲ ਪੈਰਵੀ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ।
ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਇੰਦਰਜੀਤ ਸਿੰਘ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਪ੍ਰਕਿਰਿਆ ਤਹਿਤ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਭੂਮਿਕਾ ਨਿਭਾਉਣ, ਤਾਂ ਜੋ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਤੇਜ਼ੀ ਨਾਲ ਅੱਗੇ ਵਧ ਸਕੇ।