ਅਧੂਰੇ ਲੇਬਰ ਚੌਂਕ ਨੂੰ ਪੂਰਾ ਕਰਨ ਲਈ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਲਈ ਨਵੇਂ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ
Publish Date: Tue, 18 Aug 2026 05:26 PM (IST)
Updated Date: Tue, 18 Aug 2026 05:27 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ੍ਰੀ ਚਮਕੌਰ ਸਾਹਿਬ : ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਅਤੇ ਮਜ਼ਦੂਰਾਂ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਯੂਨੀਅਨ ਵੱਲੋਂ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਵਿਸ਼ਾਲ ਕੱਸ਼ਅਪ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਗ੍ਰਾਂਟ ਨਾਲ ਨਗਰ ਕੌਂਸਲ ਵੱਲੋਂ ਬਣਾਏ ਗਏ ਲੇਬਰ ਚੌਂਕ ਵਿਚ ਮਜ਼ਦੂਰਾਂ ਦੇ ਬੈਠਣ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਉਪਲੱਬਧ ਨਹੀਂ ਹਨ। ਇਸ ਕਾਰਨ ਉਸਾਰੀ ਮਜ਼ਦੂਰਾਂ ਨੂੰ ਦਿਹਾੜੀ ਦੀ ਉਡੀਕ ਦੌਰਾਨ ਸੜਕਾਂ ’ਤੇ ਖੜੇ ਰਹਿਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਹਲਕਾ ਵਿਧਾਇਕ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਲੇਬਰ ਚੌਂਕ ਨੂੰ ਮੁਕੰਮਲ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪ੍ਰੰਤੂ ਅਜੇ ਤੱਕ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਨਵੇਂ ਨਗਰ ਕੌਂਸਲ ਪ੍ਰਧਾਨ ਨੂੰ ਮੰਗ ਪੱਤਰ ਸੌਂਪ ਕੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ੍ਹ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰਧਾਨ ਵਿਸ਼ਾਲ ਕੱਸ਼ਅਪ ਵੱਲੋਂ ਭਰੋਸਾ ਦਿੱਤਾ ਗਿਆ ਕਿ ਲੇਬਰ ਚੌਂਕ ਵਿਖੇ ਪੀਣ ਵਾਲੇ ਪਾਣੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇਗਾ ਅਤੇ ਬਾਕੀ ਬੁਨਿਆਦੀ ਸਹੂਲਤਾਂ ਸਬੰਧੀ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੁਰਿੰਦਰ ਸਿੰਘ, ਗੁਲਾਬ ਚੰਦ ਚੌਹਾਨ, ਮਲਾਗਰ ਸਿੰਘ, ਜਗਮੀਤ ਸਿੰਘ, ਜੀਵਨ ਸਿੰਘ, ਗੁਰਮੇਲ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।