- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਚੱਢਾ ਨੇ ਸਨ ਸਿਟੀ ਵਾਰਡ ਨੰਬਰ 6 ਵਿਖੇ ਧਾਰਮਿਕ ਸਮਾਗਮ ਚ ਕੀਤੀ ਸ਼ਿਰਕਤ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸਨ ਸਿਟੀ ਵਾਰਡ ਨੰਬਰ 6 ਰੂਪਨਗਰ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕਰਕੇ ਧਾਰਮਿਕ ਪ੍ਰਵਚਨਾਂ ਦਾ ਸਰਵਣ ਕੀਤਾ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਸਮਾਗਮ ਦੀ ਵਧਾਈ ਦਿੱਤੀ ਅਤੇ ਧਾਰਮਿਕ ਸਮਾਗਮਾਂ ਨੂੰ ਸਮਾਜ ਵਿਚ ਆਪਸੀ ਭਾਈਚਾਰਾ, ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਮਜ਼ਬੂਤ ਕਰਨ ਦਾ ਮਹੱਤਵਪੂਰਨ ਸਾਧਨ ਦੱਸਿਆ।
ਵਿਧਾਇਕ ਚੱਢਾ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਆਪਣੇ ਗੁਰੂਆਂ, ਸੰਤਾਂ ਅਤੇ ਮਹਾਂਪੁਰਖਾਂ ਵੱਲੋਂ ਦਰਸਾਏ ਸੱਚ, ਸੇਵਾ, ਸੰਜਮ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਨੌਜਵਾਨ ਪੀੜ੍ਹੀ ਦੀ ਸ਼ਮੂਲੀਅਤ ਹੋਰ ਵੀ ਜ਼ਰੂਰੀ ਹੈ, ਤਾਂ ਜੋ ਉਹ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਸਕਣ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਵਚਨ ਕਰਦਿਆਂ ਸਵਾਮੀ ਅਨਮੋਲਕ ਨੰਦ ਜੀ ਨੇ ਸੰਗਤਾਂ ਨੂੰ ਸਦ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਦਾ ਅਸਲ ਉਦੇਸ਼ ਕੇਵਲ ਭੌਤਿਕ ਸੁੱਖਾਂ ਦੀ ਪ੍ਰਾਪਤੀ ਨਹੀਂ, ਸਗੋਂ ਸੱਚ, ਸੇਵਾ, ਦਇਆ, ਨਿਮਰਤਾ ਅਤੇ ਪਰਉਪਕਾਰ ਦੇ ਗੁਣਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਕਰਮਾਂ ਪ੍ਰਤੀ ਸੁਚੇਤ ਰਹਿੰਦੇ ਹੋਏ ਹਮੇਸ਼ਾ ਸੱਚ ਦਾ ਸਾਥ ਦੇਣਾ ਚਾਹੀਦਾ ਹੈ। ਦੂਜਿਆਂ ਦੀ ਮਦਦ ਕਰਨਾ, ਲੋੜਵੰਦਾਂ ਦੀ ਸੇਵਾ ਕਰਨਾ ਅਤੇ ਹਰ ਮਨੁੱਖ ਨਾਲ ਪਿਆਰ ਤੇ ਸਤਿਕਾਰ ਨਾਲ ਪੇਸ਼ ਆਉਣਾ ਹੀ ਸੱਚੀ ਧਾਰਮਿਕਤਾ ਹੈ। ਸਵਾਮੀ ਜੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ ਅਤੇ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸੰਗਤਾਂ ਨੂੰ ਨਾਮ ਸਿਮਰਨ, ਸੇਵਾ ਅਤੇ ਸਤਿਸੰਗ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਐਮਸੀ. ਸੰਜੀਵ ਕੁਮਾਰ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਦਰਜ ਕਰਵਾਈ। ਸਮਾਗਮ ਦੇ ਅੰਤ ਵਿਚ ਸੰਗਤਾਂ ਨੇ ਧਾਰਮਿਕ ਪ੍ਰਵਚਨਾਂ ਦਾ ਲਾਭ ਲਿਆ ਅਤੇ ਸਮੂਹ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ।