- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਨੂੰ ਲੈ ਕੇ ਵਿਧਾਇਕ ਚੱਢਾ ਨੇ ਕੀਤੀ ਅਧਿਕਾਰੀਆਂ, ਆੜ੍ਹਤੀਆਂ ਤੇ ਕਿਸਾਨਾਂ ਨਾਲ ਮੀਟਿੰਗ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਝੋਨੇ ਦੀ ਫਸਲ ਦੀ ਆਮਦ ਦੇ ਮੱਦੇਨਜ਼ਰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਵੀਰਵਾਰ ਨੂੰ ਰੂਪਨਗਰ ਵਿਖੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਦਿਤਿਆ ਡੇਚਲਵਾਲ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ, ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਅਤੇ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਝੋਨੇ ਦੀ ਖਰੀਦ, ਲਿਫਟਿੰਗ, ਫਸਲ ਦੀ ਅਦਾਇਗੀ ਅਤੇ ਸ਼ੈਲਰਾਂ ਨਾਲ ਸਬੰਧਤ ਮਾਮਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਹੁਣ ਤੱਕ ਰੂਪਨਗਰ ਦੀ ਦਾਣਾ ਮੰਡੀ ’ਚ 12 ਕਰੋੜ ਰੁਪਏ ਦਾ ਝੋਨਾ ਖਰੀਦਿਆ ਜਾ ਚੁੱਕਾ ਹੈ, ਜਿਸ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੂਰੇ ਰੂਪਨਗਰ ਜ਼ਿਲ੍ਹੇ ਵਿਚ ਹੁਣ ਤੱਕ 49 ਕਰੋੜ ਰੁਪਏ ਦੇ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਇਸ ਦੀ ਬਣਦੀ ਪੇਮੈਂਟ ਵੀ ਕਿਸਾਨਾਂ ਨੂੰ ਅਦਾ ਕੀਤੀ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਗੁਣਵੱਤਾ ਅਤੇ ਹਾਈਬ੍ਰਿਡ ਝੋਨੇ ਨੂੰ ਲੈ ਕੇ ਜੇਕਰ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਦਾ ਪ੍ਰਸ਼ਾਸਨ ਵੱਲੋਂ ਹੱਲ ਕਰਵਾਇਆ ਜਾਵੇਗਾ। ਚੱਢਾ ਨੇ ਕਿਹਾ ਕਿ ਜੇਕਰ ਕਿਸੇ ਸ਼ੈਲਰ ਮਾਲਕ ਵੱਲੋਂ ਫਸਲ ਉਤਾਰਨ ਤੋਂ ਇਨਕਾਰ ਕੀਤਾ ਜਾਂਦਾ ਹੈ ਤਾਂ ਪ੍ਰਸ਼ਾਸਨ ਵੱਲੋਂ ਉਸ ਫਸਲ ਨੂੰ ਕਿਸੇ ਹੋਰ ਸ਼ੈਲਰ ਵਿਚ ਭੇਜਣ ਸਬੰਧੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਅਤੇ ਬਣਦੀ ਅਦਾਇਗੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਮੀਟਿੰਗ ਦੌਰਾਨ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਦੇ ਨੁਮਾਇੰਦਿਆਂ ਨੇ ਵੀ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।