ਫੁਟਬਾਲ ਟੂਰਨਾਮੈਂਟ ਦੌਰਾਨ ਵਿਧਾਇਕ ਚੱਢਾ ਨੇ ਜੇਤੂਆਂ ਨੂੰ ਕੀਤਾ ਸਨਮਾਨਿਤ ਪਿੰਡ ਗੁੰਨੋ ਮਾਜਰਾ ਵਿਖੇ ਫੁਟਬਾਲ ਟੂਰਨਾਮੈਂਟ ਦੌਰਾਨ ਵਿਧਾਇਕ ਚੱਢਾ ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ
Publish Date: Mon, 26 Oct 2026 05:30 PM (IST)
Updated Date: Mon, 26 Oct 2026 05:31 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸੰਤ ਬਾਬਾ ਰਤਨ ਸਿੰਘ ਸਪੋਰਟਸ ਕਲੱਬ ਤੇ ਨੌਜਵਾਨ ਸਭਾ ਪਿੰਡ ਗੁੰਨੋ ਮਾਜਰਾ ਵੱਲੋਂ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ’ਚ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ’ਚ ਟੀਮਾਂ ਨੇ ਭਾਗ ਲਿਆ ਅਤੇ ਆਪਣੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦੇ ਅੰਤਿਮ ਦਿਨ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਪ੍ਰਬੰਧਕਾਂ ਵੱਲੋਂ ਟਰਾਫੀਆਂ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਟੂਰਨਾਮੈਂਟ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਉਨ੍ਹਾਂ ’ਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਪਸੀ ਸਾਂਝ ਵਰਗੇ ਗੁਣ ਵਿਕਸਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ’ਚ ਲਗਾਉਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਦੀਆਂ ਖੇਡ ਸੰਸਥਾਵਾਂ, ਕਲੱਬਾਂ ਅਤੇ ਨੌਜਵਾਨ ਸਭਾਵਾਂ ਦਾ ਯੋਗਦਾਨ ਵੀ ਬੇਹੱਦ ਮਹੱਤਵਪੂਰਨ ਹੈ। ਜਦੋਂ ਪਿੰਡਾਂ ਦੇ ਨੌਜਵਾਨ ਮਿਲ ਕੇ ਅਜਿਹੇ ਸਮਾਗਮ ਕਰਵਾਉਂਦੇ ਹਨ ਤਾਂ ਇਸ ਨਾਲ ਖੇਡਾਂ ਪ੍ਰਤੀ ਰੁਚੀ ਵਧਣ ਦੇ ਨਾਲ-ਨਾਲ ਸਮਾਜ ’ਚ ਸਕਾਰਾਤਮਕ ਮਾਹੌਲ ਵੀ ਪੈਦਾ ਹੁੰਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿੱਤ ਅਤੇ ਹਾਰ ਖੇਡ ਦਾ ਹਿੱਸਾ ਹਨ, ਪਰ ਖੇਡ ਭਾਵਨਾ, ਮਿਹਨਤ ਅਤੇ ਲਗਨ ਹੀ ਖਿਡਾਰੀ ਦੀ ਅਸਲ ਪਛਾਣ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਅੰਤ ’ਚ ਪ੍ਰਬੰਧਕਾਂ ਨੇ ਟੂਰਨਾਮੈਂਟ ’ਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ’ਚ ਵੀ ਅਜਿਹੇ ਉਪਰਾਲੇ ਜਾਰੀ ਰੱਖਣ ਦਾ ਸੰਕਲਪ ਪ੍ਰਗਟਾਇਆ।