ਵਿਧਾਇਕ ਚੱਢਾ ਨੇ ਖੇਡ ਮੈਦਾਨ ਦਾ ਕੀਤਾ ਉਦਘਾਟਨ ਵਿਧਾਇਕ ਚੱਢਾ ਨੇ ਪਿੰਡ ਖੈਰਾਬਾਦ ਵਿਖੇ ਅਤਿ-ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ
Publish Date: Wed, 11 Nov 2026 06:05 PM (IST)
Updated Date: Wed, 11 Nov 2026 06:06 PM (IST)
ਖਿਡਾਰੀਆਂ ਨੂੰ ਮਿਲਣਗੀਆਂ ਆਧੁਨਿਕ ਸਹੂਲਤਾਂ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਤੇ ਪਿੰਡ ਪੱਧਰ ’ਤੇ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 3000 ਖੇਡ ਮੈਦਾਨਾਂ ਦੀ ਉਸਾਰੀ ਕਰਨ ਦੀ ਯੋਜਨਾ ਤਹਿਤ ਬੁੱਧਵਾਰ ਨੂੰ ਪਿੰਡ ਖੈਰਾਬਾਦ, ਬਲਾਕ ਰੂਪਨਗਰ, ਜ਼ਿਲ੍ਹਾ ਰੂਪਨਗਰ ਵਿਖੇ 39.70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ’ਚ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪਿੰਡਾਂ ’ਚ ਖੇਡ ਮੈਦਾਨਾਂ ਦੀ ਉਸਾਰੀ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਢੁੱਕਵਾਂ ਮੰਚ ਮਿਲੇਗਾ ਤੇ ਉਹ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਵੀ ਨਵੀਆਂ ਪ੍ਰਾਪਤੀਆਂ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਵਿਕਾਸ ਕਾਰਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਰਾਹੀਂ ਕਰਵਾਇਆ ਗਿਆ। ਵਿਧਾਇਕ ਚੱਢਾ ਨੇ ਦੱਸਿਆ ਕਿ ਇਸ ਖੇਡ ਮੈਦਾਨ ’ਚ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਫੁੱਟਬਾਲ ਤੇ ਵਾਲੀਬਾਲ ਦੇ ਮੈਦਾਨ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਖਿਡਾਰੀਆਂ ਦੀ ਸਹੂਲਤ ਲਈ ਪਖਾਨਾ ਬਲਾਕ ਤੇ ਕੱਪੜੇ ਬਦਲਣ ਲਈ ਕਮਰਾ, ਚਾਰ ਹਾਈਮਾਸਟ ਲਾਈਟਾਂ, ਪਾਣੀ ਦੀ ਸਹੂਲਤ ਲਈ ਬੋਰਵੈੱਲ ਤੇ ਖੇਡ ਮੈਦਾਨ ਦੀ ਸੁਰੱਖਿਆ ਲਈ ਚਾਰਦੀਵਾਰੀ ਦੀ ਥਾਂ ਫੈਂਸਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦਾ ਕੇਂਦਰ ਹੀ ਨਹੀਂ ਹੋਣਗੇ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਸਤਿੰਦਰ ਕੌਰ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਮਾਰਕੀਟ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਮਦਾਨ, ਮੈਂਬਰ ਬਲਾਕ ਸੰਮਤੀ ਰੂਪਨਗਰ ਅੰਮ੍ਰਿਤਪਾਲ ਸਿੰਘ ਪੱਪੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸਰਪੰਚ ਵਿਕਰਾਂਤ ਚੌਧਰੀ, ਸਰਪੰਚ ਗ੍ਰਾਮ ਪੰਚਾਇਤ ਖੈਰਾਬਾਦ ਹਰਦੀਪ ਕੌਰ ਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਤੇ ਵੱਡੀ ਗਿਣਤੀ ’ਚ ਨਗਰ ਨਿਵਾਸੀ ਹਾਜ਼ਰ ਸਨ।