ਵਿਧਾਇਕ ਚੱਢਾ ਵੱਲੋਂ ਬਲਾਕ ਦੀਆਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਭੇਟ ਵਿਧਾਇਕ ਚੱਢਾ ਵੱਲੋਂ ਰੂਪਨਗਰ ਬਲਾਕ ਦੀਆਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਭੇਟ
Publish Date: Fri, 30 Oct 2026 04:20 PM (IST)
Updated Date: Fri, 30 Oct 2026 04:22 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਵਿਧਾਨ ਸਭਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਬੀਡੀਪੀਓ ਦਫ਼ਤਰ ਰੂਪਨਗਰ ਵਿਖੇ ਰੂਪਨਗਰ ਬਲਾਕ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈੱਕ ਭੇਟ ਕੀਤੇ ਗਏ। ਇਸ ਪਹਿਲ ਦਾ ਉਦੇਸ਼ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ, ਲੋਕਾਂ ਦੀਆਂ ਸਥਾਨਕ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਅਤੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਲ ਹੈ ਅਤੇ ਪੇਂਡੂ ਖੇਤਰਾਂ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਅਸਲ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਵਿਕਾਸ ਕਾਰਜ ਕਰਵਾਉਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਲੋਕਾਂ ਨੂੰ ਆਪਣੇ ਹੀ ਪਿੰਡਾਂ ਵਿਚ ਬਿਹਤਰ ਸਹੂਲਤਾਂ ਮਿਲ ਸਕਣ। ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਦਿੱਤੇ ਗਏ ਚੈੱਕਾਂ ਰਾਹੀਂ ਪਿੰਡਾਂ ਵਿੱਚ ਗਲੀਆਂ ਦੇ ਨਿਰਮਾਣ ਅਤੇ ਸੁਧਾਰ, ਨਾਲੀਆਂ ਅਤੇ ਨਿਕਾਸੀ ਪ੍ਰਬੰਧਾਂ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ, ਸਟਰੀਟ ਲਾਈਟਾਂ ਅਤੇ ਹੋਰ ਲੋੜੀਂਦੇ ਬੁਨਿਆਦੀ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਸਹਾਇਤਾ ਮਿਲੇਗੀ। ਇਨ੍ਹਾਂ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡਾਂ ਵਿਚ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ, ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਸੁਖਾਲਾ ਕਰਨ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਮਦਦ ਮਿਲੇਗੀ। ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡਾਂ ਦੀ ਤਰੱਕੀ ਲਈ ਗ੍ਰਾਮ ਪੰਚਾਇਤਾਂ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਲੋੜਾਂ ਅਤੇ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਨੂੰ ਪੂਰੀ ਜ਼ਿੰਮੇਵਾਰੀ, ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਇਨ੍ਹਾਂ ਦਾ ਸਿੱਧਾ ਲਾਭ ਮਿਲ ਸਕੇ। ਵਿਧਾਇਕ ਚੱਢਾ ਨੇ ਕਿਹਾ ਕਿ ਰੂਪਨਗਰ ਹਲਕੇ ਦੇ ਪਿੰਡਾਂ ਵਿਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਦੀਆਂ ਜਾਇਜ਼ ਲੋੜਾਂ ਨੂੰ ਪੂਰਾ ਕਰਨ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਖੁਸ਼ਹਾਲ ਅਤੇ ਸਹੂਲਤਾਂ ਭਰਪੂਰ ਪੇਂਡੂ ਪੰਜਾਬ ਦੀ ਨੀਂਹ ਹੈ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਚੇਅਰਮੈਨ ਮਾਰਕੀਟ ਕਮੇਟੀ ਭਾਗ ਸਿੰਘ ਮਦਾਨ, ਮੈਂਬਰ ਬਲਾਕ ਸੰਮਤੀ ਅੰਮ੍ਰਿਤਪਾਲ ਸਿੰਘ ਪੱਪੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।