ਦਿਨੇਸ਼ ਚੱਢਾ ਤੇ ਨੀਸ਼ਾ ਚੱਢਾ ਨੇ ਔਰਤਾਂ ਨੂੰ ਸਕੀਮਾਂ ਬਾਰੇ ਕੀਤਾ ਜਾਗਰੂਕ ਵਿਧਾਇਕ ਦਿਨੇਸ਼ ਚੱਢਾ ਤੇ ਨੀਸ਼ਾ ਚੱਢਾ ਨੇ ਸਖੀਆਂ ਨਾਲ ਕੀਤੀ ਮੀਟਿੰਗ
Publish Date: Tue, 03 Nov 2026 05:56 PM (IST)
Updated Date: Tue, 03 Nov 2026 05:59 PM (IST)
ਪੁਸ਼ਵਿੰਦਰ ਗੋਲੀਆਂ, ਪੰਜਾਬੀ ਜਾਗਰਣ,ਘਨੌਲੀ : ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਉਨ੍ਹਾਂ ਦੀ ਧਰਮ ਪਤਨੀ ਨੀਸ਼ਾ ਚੱਢਾ ਵੱਲੋਂ ਘਨੌਲੀ ਖੇਤਰ ਦੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਖੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਢਾਂਚੇ ਤੇ ਆਮ ਲੋਕਾਂ ਦੀ ਸਹੂਲਤ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। ਇਨ੍ਹਾਂ ਲੋਕ ਪੱਖੀ ਫੈਸਲਿਆਂ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਖੀਆਂ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਜੁੜੀਆਂ ਹੋਈਆਂ ਹਨ ਤੇ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਸਾਰਿਆਂ ਨੂੰ ਇਸ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਨੀਸ਼ਾ ਚੱਢਾ ਨੇ ਕਿਹਾ ਕਿ ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਤੇ ਜਦੋਂ ਔਰਤਾਂ ਕਿਸੇ ਸਮਾਜਿਕ ਜਾਂ ਲੋਕ ਭਲਾਈ ਮੁਹਿੰਮ ਨਾਲ ਜੁੜਦੀਆਂ ਹਨ ਤਾਂ ਉਸ ਦਾ ਪ੍ਰਭਾਵ ਘਰ-ਘਰ ਤੱਕ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਸਖੀਆਂ ਪਿੰਡਾਂ ਵਿਚ ਜਾ ਕੇ ਔਰਤਾਂ ਤੇ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ਦੀ ਸਹੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣਨ ਤੇ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨਾ ਤੇ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਹਰ ਵਰਗ ਨੂੰ ਜਾਣੂ ਕਰਵਾਉਣਾ ਹੈ। ਮੀਟਿੰਗ ਦੌਰਾਨ ਸਖੀਆਂ ਨੇ ਵੀ ਇਸ ਮੁਹਿੰਮ ਨੂੰ ਪਿੰਡ ਪੱਧਰ ਤੇ ਹੋਰ ਮਜ਼ਬੂਤ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।