ਵਿਧਾਇਕ ਚੱਢਾ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ ਵਿਧਾਇਕ ਦਿਨੇਸ਼ ਚੱਢਾ ਨੇ ਤਖਤਗੜ੍ਹ ਤੋਂ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ
Publish Date: Sat, 12 Sep 2026 05:29 PM (IST)
Updated Date: Sat, 12 Sep 2026 05:32 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਰੋਪੜ ਦੇ ਪਿੰਡ ਤਖਤਗੜ੍ਹ ਤੋਂ ਸ਼ਰਧਾਲੂਆਂ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਵਾਉਣ ਉਪਰੰਤ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਚੱਢਾ ਨੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਧਾਰਮਿਕ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੱਸ ਰਵਾਨਾ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਦੀ ਹਾਜ਼ਰੀ ਵਿੱਚ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ। ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਧਾਰਮਿਕ ਯਾਤਰਾਵਾਂ ਰਾਹੀਂ ਸੰਗਤ ਨੂੰ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਧਾਰਮਿਕ ਅਸਥਾਨ ਸਾਡੀ ਅਮੀਰ ਵਿਰਾਸਤ ਅਤੇ ਆਸਥਾ ਦਾ ਕੇਂਦਰ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਅਜਿਹੇ ਉਪਰਾਲੇ ਜਾਰੀ ਰਹਿਣੇ ਚਾਹੀਦੇ ਹਨ। ਉਨ੍ਹਾਂ ਸ਼ਰਧਾਲੂਆਂ ਨੂੰ ਆਪਣੀ ਯਾਤਰਾ ਦੌਰਾਨ ਅਨੁਸ਼ਾਸਨ ਬਣਾਈ ਰੱਖਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਯਾਤਰਾ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ਼ਰਾਜ ਸੈਣੀ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ, ਸੰਮਤੀ ਮੈਂਬਰ ਕੇਵਲ ਕਿਸ਼ਨ ਹੈਪੀ, ਬਲਾਕ ਪ੍ਰਧਾਨ ਜਤਿੰਦਰ ਕਾਕਾ, ਕੁਲਦੀਪ ਸਿੰਘ, ਪਰਮਿੰਦਰ ਭੀਮ, ਚੌਧਰੀ ਬਲਵੀਰ ਚੰਦ ਸੱਦੇਵਾਲ ਸਮੇਤ ਹੋਰ ਪਿੰਡ ਵਾਸੀ ਅਤੇ ਸੰਗਤ ਹਾਜ਼ਰ ਸਨ।