
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਧਾਇਕ ਦਿਨੇਸ਼ ਚੱਢਾ ਨੇ ਹਵੇਲੀ ਖੁਰਦ ਵਿਚ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ

ਸਟਾਫ਼ ਰਿਪੋਰਟਰ, ਪੰਜਾਬੀ ਜਾਰਗਣ, ਰੂਪਨਗਰ : ਪਿੰਡ ਹਵੇਲੀ ਖੁਰਦ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਖੇਡਾਂ ਦੇ ਖੇਤਰ ਵਿਚ ਇੱਕ ਮਹੱਤਵਪੂਰਨ ਸਹੂਲਤ ਦਾ ਵਾਧਾ ਹੋਇਆ ਹੈ। ਪਿੰਡ ਵਿਚ ਨਵਾਂ ਖੇਡ ਸਟੇਡੀਅਮ ਤਿਆਰ ਹੋਣ ਉਪਰੰਤ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਇਸ ਉਪਰਾਲੇ ਨੂੰ ਪਿੰਡ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਮਹੱਤਵਪੂਰਨ ਸਹੂਲਤ ਦੱਸਿਆ ਗਿਆ। ਚੱਢਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਖੇਡ ਮੈਦਾਨ ਸਿਰਫ਼ ਖੇਡਣ ਦੀ ਥਾਂ ਨਹੀਂ ਹੁੰਦੇ, ਸਗੋਂ ਇਹ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਟੇਡੀਅਮ ਨੂੰ ਬਿਹਤਰ ਢੰਗ ਨਾਲ ਵਰਤੋਂਯੋਗ ਬਣਾਉਣ ਲਈ ਹਾਈਮਾਸਟ ਲਾਈਟਾਂ ਅਤੇ ਫੁੱਟ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਪਾਣੀ ਦੀ ਉਪਲਬਧਤਾ ਅਤੇ ਮੈਦਾਨ ਦੀ ਸੰਭਾਲ ਲਈ ਹਾਈਡ੍ਰੈਂਟ ਪ੍ਰਣਾਲੀ ਵੀ ਸਥਾਪਿਤ ਕੀਤੀ ਗਈ ਹੈ।