ਵਿਧਾਇਕ ਦਿਨੇਸ਼ ਚੱਢਾ ਵੱਲੋਂ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
ਵਿਧਾਇਕ ਦਿਨੇਸ਼ ਚੱਢਾ ਵੱਲੋਂ ਫੂਕਾਪੁਰ ’ਤੇ ਬਾੜੀਆਂ ਤੋਂ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
Publish Date: Sun, 22 Mar 2026 04:56 PM (IST)
Updated Date: Sun, 22 Mar 2026 04:58 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਪੰਜਾਬ ਸਰਕਾਰ ਦੀ ਲੋਕ-ਭਲਾਈ ਨੂੰ ਸਮਰਪਿਤ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਅਧੀਨ ਹਲਕਾ ਰੂਪਨਗਰ ਦੇ ਪਿੰਡ ਫੂਕਾਪੁਰ ’ਤੇ ਬਾੜੀਆਂ ਤੋਂ ਕਰੀਬ 80 ਸ਼ਰਧਾਲੂਆਂ ਦਾ ਜਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋਇਆ। ਇਸ ਮੌਕੇ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਰਵਾਨਗੀ ਸਮੇਂ ਪਿੰਡ ਵਿਚ ਭਗਤੀਮਈ ਮਾਹੌਲ ਦੇ ਨਾਲ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਯਾਤਰੀਆਂ ਨੇ ਦੱਸਿਆ ਕਿ ਇਸ ਯੋਜਨਾ ਨਾਲ ਆਮ ਲੋਕਾਂ ਲਈ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਾ ਆਸਾਨ ਹੋ ਗਿਆ ਹੈ ਅਤੇ ਉਹ ਬਿਨ੍ਹਾਂ ਕਿਸੇ ਆਰਥਿਕ ਚਿੰਤਾ ਦੇ ਯਾਤਰਾ ਕਰ ਰਹੇ ਹਨ। ਉਨ੍ਹਾਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਨਮਾਨ ਦੇਣ ਦੇ ਨਾਲ-ਨਾਲ ਸਮਾਜ ਵਿਚ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸਾਧਨ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਵਰਗ ਦੇ ਲੋਕਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਇਸ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਵਾਜਾਈ, ਰਹਿਣ ਦੀ ਵਿਵਸਥਾ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਪਿੰਡਾਂ ਦੇ ਲੋਕ ਵੀ ਇਸ ਯੋਜਨਾ ਦਾ ਲਾਭ ਲੈਣਗੇ ਅਤੇ ਧਾਰਮਿਕ ਯਾਤਰਾਵਾਂ ਰਾਹੀਂ ਆਤਮਿਕ ਸ਼ਾਂਤੀ ਪ੍ਰਾਪਤ ਕਰਨਗੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸ ਰਾਜ ਸੈਣੀ, ਜਰਨੈਲ ਸਿੰਘ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਸਮੇਤ ਕਈ ਪਿੰਡ ਵਾਸੀ ਹਾਜ਼ਰ ਸਨ।