- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਰੈਲੀ ਨੇ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਗਵਾਹੀ ਭਰੀ : ਚੱਢਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਮੋਗਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਵਿਸ਼ਾਲ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਇੱਕ ਵਾਰ ਫਿਰ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਹ ਪ੍ਰਗਟਾਵਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਰਦਿਆਂ ਕਿਹਾ ਕਿ ਮੋਗਾ ਦੀ ਇਤਿਹਾਸਕ ਰੈਲੀ ’ਚ ਲੱਖਾਂ ਦੀ ਗਿਣਤੀ ’ਚ ਪਹੁੰਚੇ ਲੋਕਾਂ ਦੇ ਇਕੱਠ ਨੇ ਪਾਰਟੀ ਦੀ ਲੋਕਪ੍ਰਿਯਤਾ ਤੇ ਸਰਕਾਰ ਦੀ ਕਾਰਗੁਜ਼ਾਰੀ ਉੱਪਰ ਲੋਕਾਂ ਦੇ ਭਰੋਸੇ ਦੀ ਮੋਹਰ ਲਗਾਈ ਹੈ।
ਵਿਧਾਇਕ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਲਗਭਗ 77 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮਾਵਾਂ-ਧੀਆਂ ਦੀ ਭਲਾਈ ਲਈ ਸਤਿਕਾਰ ਯੋਜਨਾ ਵਰਗੀਆਂ ਪਹਿਲਕਦਮੀਆਂ ਰਾਹੀਂ ਵੀ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਪਿਛਲੇ ਲੰਮੇ ਸਮੇਂ ਤੋਂ ਕੱਚੇ ਤੌਰ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਹਿਲ ਵੀ ਮੌਜੂਦਾ ਸਰਕਾਰ ਵੱਲੋਂ ਕੀਤੀ ਗਈ ਹੈ। ਪਹਿਲਾਂ ਇਹ ਮੁਲਾਜ਼ਮ ਘੱਟ ਤਨਖਾਹਾਂ ’ਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਲਈ ਮਜਬੂਰ ਸਨ, ਪਰ ਸਰਕਾਰ ਦੀਆਂ ਨੀਤੀਆਂ ਸਦਕਾ ਉਨ੍ਹਾਂ ਨੂੰ ਰਾਹਤ ਮਿਲੀ ਹੈ।
ਵਿਧਾਇਕ ਨੇ ਕਿਹਾ ਕਿ ਮੋਗਾ ਦੀ ਰੈਲੀ ਨੇ ਵਿਰੋਧੀ ਪਾਰਟੀਆਂ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਲੋਕਾਂ ਦਾ ਵੱਡਾ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਵਿਕਾਸ ਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਇਸੇ ਤਰ੍ਹਾਂ ਜਾਰੀ ਰੱਖੇਗੀ।