ਪੰਜਾਬ ਅੰਦਰ ਇਤਿਹਾਸਿਕ ਹੋਵੇਗੀ ਮੋਗਾ ਰੈਲੀ : ਅਰਵਿੰਦ ਮਿੱਤਲ
ਪੰਜਾਬ ਅੰਦਰ ਇਤਿਹਾਸਿਕ ਹੋਵੇਗੀ ਮੋਗਾ ਰੈਲੀ: ਅਰਵਿੰਦ ਮਿੱਤਲ
Publish Date: Sun, 01 Mar 2026 04:36 PM (IST)
Updated Date: Mon, 02 Mar 2026 04:02 AM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਚ ਹੋਣ ਵਾਲੀ ਵਿਸ਼ਾਲ ਰੈਲੀ ਨਾਲ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਆਗਾਜ ਕਰੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ ਇੱਕ ਰਾਜਨੀਤਿਕ ਇਕੱਠ ਨਹੀਂ, ਸਗੋਂ ਪੰਜਾਬ ਵਿਚ ਬਦਲਾਅ ਦੀ ਸ਼ੁਰੂਆਤ ਸਾਬਤ ਹੋਵੇਗੀ। ਅਰਵਿੰਦ ਮਿੱਤਲ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਪੰਜਾਬ ਦੀ ਜਨਤਾ ਮੌਜੂਦਾ ਪ੍ਰਬੰਧ ਤੋਂ ਨਾਰਾਜ਼ ਹੈ ਅਤੇ ਲੋਕ ਬਦਲਾਅ ਚਾਹੁੰਦੇ ਹਨ। ਮਿੱਤਲ ਨੇ ਦੋਸ਼ ਲਗਾਇਆ ਕਿ ਸੂਬੇ ਅੰਦਰ ਲੋਕਾਂ ਦੀ ਲੁੱਟ, ਭ੍ਰਿਸ਼ਟਾਚਾਰ ਅਤੇ ਵੱਧ ਰਹੇ ਗੈਂਗਸਟਰਵਾਦ ਨੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਕਾਫੀ ਖਰਾਬ ਕਰ ਦਿੱਤਾ ਹੈ, ਜਿਸ ਕਾਰਨ ਆਮ ਆਦਮੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਹੋਰ ਸੂਬਿਆਂ ਦੇ ਲੋਕਾਂ ਉੱਤੇ ਲਗਾਏ ਗਏ ਵਧੇ ਹੋਏ ਟੈਕਸ ਨੂੰ ਗੈਰ ਵਾਜਬ ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕਾਂ ਨਾਲ ਧੋਖਾ ਹੈ। ਮਿੱਤਲ ਨੇ ਕਿਹਾ ਕਿ ਇਸ ਮਸਲੇ ‘ਤੇ ਪੰਜਾਬ ਦੀ ਕਾਂਗਰਸ ਪਾਰਟੀ ਦੀ ਚੁੱਪ ਨੇ ਉਸਦੀ ਨੀਤੀ ਅਤੇ ਨਿਯਤ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਦੋਹਰੇ ਮਾਪਦੰਡ ਅਪਣਾਉਂਦੀ ਆਈ ਹੈ ਅਤੇ ਲੋਕਾਂ ਦੇ ਹਿਤਾਂ ਦੀ ਰੱਖਿਆ ਕਰਨ ਵਿਚ ਨਾਕਾਮ ਰਹੀ ਹੈ। ਮਿੱਤਲ ਨੇ ਕਿਹਾ ਕਿ ਮੋਗਾ ਰੈਲੀ ਇਤਿਹਾਸਿਕ ਹੋਵੇਗੀ ਅਤੇ ਇਸ ਵਿੱਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਭਾਜਪਾ ਪੰਜਾਬ ਦੀ ਪੂਰੀ ਟੀਮ ਰੈਲੀ ਦੀ ਸਫਲਤਾ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਪਿੰਡ ਪੱਧਰ ਤੱਕ ਕਾਰਕੁਨਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੋਕਾਂ ਵਿਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ। ਮਿੱਤਲ ਨੇ ਦਾਅਵਾ ਕੀਤਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਲਿਆਵੇਗੀ ਅਤੇ ਭਾਜਪਾ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰੇਗੀ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਰੈਲੀ ਨੂੰ ਕਾਮਯਾਬ ਬਣਾਉਣ ਅਤੇ ਪੰਜਾਬ ਵਿਚ ਸੁਸ਼ਾਸਨ ਦੀ ਸਥਾਪਨਾ ਲਈ ਯਤਨ ਕਰਨ।