ਐੱਮਪੀ ਕੰਗ ਗੁ. ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਪੰਚਾਇਤ ਘਰ ਦਾ ਕੀਤਾ ਉਦਘਾਟਨ ਐੱਮਪੀ ਕੰਗ ਗੁ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਪਿੰਡ ਕੰਧੋਲਾ ਵਿਖੇ ਪੰਚਾਇਤ ਘਰ ਦਾ ਕੀਤਾ ਉਦਘਾਟਨ
Publish Date: Sun, 11 Oct 2026 03:13 PM (IST)
Updated Date: Sun, 11 Oct 2026 03:14 PM (IST)
ਪਿੰਡਾਂ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਮਲਵਿੰਦਰ ਕੰਗ ਰਾਜਵੀਰ ਸਿੰਘ ਚੌਤਾਂ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਇਤਿਹਾਸਕ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰਕ ਸਾਂਝ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਕੰਧੋਲਾ ਵਿਖੇ ਨਵੇਂ ਪੰਚਾਇਤ ਘਰ ਦਾ ਉਦਘਾਟਨ ਕਰਦਿਆਂ ਇਸ ਨੂੰ ਪਿੰਡ ਦੇ ਵਿਕਾਸ ਅਤੇ ਪੰਚਾਇਤੀ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣਾ ਬੇਹੱਦ ਜ਼ਰੂਰੀ ਹੈ। ਪਿੰਡਾਂ ਦੀਆਂ ਸਾਂਝੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਨੀ ਅਤੇ ਉਨ੍ਹਾਂ ਨੂੰ ਤਰਜੀਹੀ ਆਧਾਰ ’ਤੇ ਨੇਪਰੇ ਚਾੜ੍ਹਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਿਹਤਰ ਬੁਨਿਆਦੀ ਢਾਂਚਾ, ਸੁਚੱਜਾ ਪ੍ਰਬੰਧ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਂਝੇ ਯਤਨ ਪਿੰਡਾਂ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਪਿੰਡ ਦੀ ਸਾਂਝੀ ਸੰਸਥਾ ਵਜੋਂ ਪਿੰਡ ਵਾਸੀਆਂ ਅਤੇ ਪੰਚਾਇਤ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਵਿਚ ਸਹਾਈ ਹੁੰਦਾ ਹੈ। ਇੱਥੇ ਪਿੰਡ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕਰਨ, ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਸਾਂਝੇ ਮਸਲਿਆਂ ਦੇ ਹੱਲ ਲਈ ਯੋਜਨਾਵਾਂ ਉਲੀਕਣ ਵਾਸਤੇ ਢੁੱਕਵਾਂ ਮੰਚ ਉਪਲਬਧ ਹੋਵੇਗਾ। ਉਨ੍ਹਾਂ ਨੇ ਪਿੰਡਾਂ ਦੇ ਵਿਕਾਸ ਵਿਚ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੀ ਸਰਗਰਮ ਭੂਮਿਕਾ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਪਿੰਡ ਕੰਧੋਲਾ ਵਿਖੇ ਪੰਚਾਇਤ ਘਰ ਦੇ ਉਦਘਾਟਨ ਮੌਕੇ ਪਿੰਡ ਦੇ ਸਰਪੰਚ ਸੁਰਿੰਦਰ ਸਿੰਘ, ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਸ਼ੂਗਰ ਫੈੱਡ ਦੇ ਡਾਇਰੈਕਟਰ ਸਤਨਾਮ ਸਿੰਘ, ਸਰਪੰਚ ਹਰਜਿੰਦਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਫ਼ੌਜੀ, ਸਰਪੰਚ ਭੁਪਿੰਦਰ ਸਿੰਘ ਖੈਰਪੁਰ, ਸਰਕਲ ਪ੍ਰਧਾਨ ਪਰਮਿੰਦਰ ਖੱਟੜਾ, ਜੁਝਾਰ ਗਰਚਾ, ਕਾਕਾ ਸਾਲਾਪੁਰ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।