ਵਿਧਾਇਕ ਚੱਢਾ ਦੀ ਦੇਖ-ਰੇਖ ਹੇਠ ਨਗਰ ਕੌਂਸਲ ਨੇ ਚਲਾਇਆ ਵਿਸ਼ੇਸ਼ ਸਫ਼ਾਈ ਅਭਿਆਨ ਵਿਧਾਇਕ ਚੱਢਾ ਦੀ ਦੇਖ-ਰੇਖ ਹੇਠ ਨਗਰ ਕੌਂਸਲ ਨੇ ਚਲਾਇਆ ਵਿਸ਼ੇਸ਼ ਸਫ਼ਾਈ ਅਭਿਆਨ
Publish Date: Thu, 10 Sep 2026 04:12 PM (IST)
Updated Date: Thu, 10 Sep 2026 04:13 PM (IST)
ਮਿਸ਼ਨ ਕਲੀਨ ਪੰਜਾਬ ਤਹਿਤ ਰੂਪਨਗਰ ਸ਼ਹਿਰ ਦੀ ਸਫ਼ਾਈ ਮੁਹਿੰਮ ਹੋਈ ਹੋਰ ਤੇਜ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਰੂਪਨਗਰ ਸ਼ਹਿਰ ਵਿਚ ਮਿਸ਼ਨ ਕਲੀਨ ਪੰਜਾਬ ਤਹਿਤ ਸਫ਼ਾਈ ਕਾਰਜਾਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਦੇਖ-ਰੇਖ ਹੇਠ ਸ਼ਹਿਰ ਦੇ ਵਾਰਡ ਨੰਬਰ-20 ਅਤੇ 21 ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਕੌਂਸਲ ਰੂਪਨਗਰ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਦੋਵਾਂ ਵਾਰਡਾਂ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕਾਂ ਦੇ ਕਿਨਾਰਿਆਂ, ਜਨਤਕ ਥਾਵਾਂ ਅਤੇ ਹੋਰ ਸਥਾਨਾਂ ਦੀ ਸਫ਼ਾਈ ਕੀਤੀ ਗਈ। ਇਸ ਦੌਰਾਨ ਕਰਮਚਾਰੀਆਂ ਨੇ ਮੌਕੇ ’ਤੇ ਇਕੱਠੇ ਹੋਏ ਕੂੜਾ-ਕਰਕਟ, ਗੰਦਗੀ ਅਤੇ ਹੋਰ ਰਹਿੰਦ-ਖੂੰਹਦ ਨੂੰ ਹਟਾ ਕੇ ਇਲਾਕਿਆਂ ਨੂੰ ਸਾਫ਼-ਸੁਥਰਾ ਬਣਾਇਆ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ਰੂਪਨਗਰ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣ ਲਈ ਸਫ਼ਾਈ ਮੁਹਿੰਮ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਨਿਰੰਤਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਵੱਖ-ਵੱਖ ਵਾਰਡਾਂ ਵਿਚ ਲੋੜ ਅਨੁਸਾਰ ਵਿਸ਼ੇਸ਼ ਸਫ਼ਾਈ ਅਭਿਆਨ ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ-ਕਰਕਟ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਅਤੇ ਜਨਤਕ ਥਾਵਾਂ ਨੂੰ ਗੰਦਾ ਨਾ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਮਿਸ਼ਨ ਕਲੀਨ ਪੰਜਾਬ ਨੂੰ ਸਫ਼ਲ ਬਣਾਉਂਦਿਆਂ ਰੂਪਨਗਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 20 ਅਤੇ 21 ਵਿੱਚ ਅੱਜ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਵੀ ਇਸੇ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਉਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਉਨ੍ਹਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਲੋੜ ਅਨੁਸਾਰ ਵੱਖ-ਵੱਖ ਵਾਰਡਾਂ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮਾਂ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਕਰਮਚਾਰੀਆਂ ਨਾਲ ਸਹਿਯੋਗ ਕਰਨ ਅਤੇ ਕੂੜਾ-ਕਰਕਟ ਇਧਰ-ਉਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਵਾਂ ’ਤੇ ਪਾਉਣ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਪਤਵੰਤੇ ਸੱਜਣ, ਨਗਰ ਕੌਂਸਲ ਦੇ ਨੁਮਾਇੰਦੇ ਅਤੇ ਸਫ਼ਾਈ ਕਰਮਚਾਰੀ ਹਾਜ਼ਰ ਸਨ।