ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਨਗਰ ਕੌਂਸਲ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ
Publish Date: Tue, 03 Nov 2026 03:25 PM (IST)
Updated Date: Tue, 03 Nov 2026 03:26 PM (IST)
ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਬਣਾਈ ਰੱਖਣ ਤੇ ਬਾਜ਼ਾਰਾਂ ’ਚ ਆਵਾਜਾਈ ਸੁਚਾਰੂ ਰੱਖਣ ਦੀ ਅਪੀਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਰੂਪਨਗਰ ਵੱਲੋਂ ਸ਼ਹਿਰ ’ਚ ਸਫ਼ਾਈ ਵਿਵਸਥਾ ਨੂੰ ਦਰੁਸਤ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਰੂਪਨਗਰ ਅਸ਼ੋਕ ਕੁਮਾਰ ਵੱਲੋਂ ਸਮੂਹ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ਤੇ ਸ਼ਹਿਰ ’ਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਤੇ ਨਗਰ ਕੌਂਸਲ ਨੂੰ ਸਹਿਯੋਗ ਦੇਣ। ਨਗਰ ਕੌਂਸਲ ਨੇ ਅਪੀਲ ਕੀਤੀ ਕਿ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਨਿਰਧਾਰਤ ਕੀਤੇ ਗਏ ਵੱਖਰੇ ਡਸਟਬਿਨਾਂ ਦੀ ਵਰਤੋਂ ਕੀਤੀ ਜਾਵੇ। ਕਿਸੇ ਵੀ ਤਰ੍ਹਾਂ ਦਾ ਕੂੜਾ-ਕਰਕਟ ਦੁਕਾਨਾਂ ਜਾਂ ਘਰਾਂ ਦੇ ਬਾਹਰ ਨਾ ਸੁੱਟਿਆ ਜਾਵੇ, ਸਗੋਂ ਇਸ ਨੂੰ ਨਿਰਧਾਰਤ ਕੂੜੇਦਾਨਾਂ ’ਚ ਹੀ ਪਾਇਆ ਜਾਵੇ ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ ਜਾਂ ਫੁੱਟਪਾਥਾਂ ’ਤੇ ਨਾ ਰੱਖਣ, ਤਾਂ ਜੋ ਬਾਜ਼ਾਰਾਂ ’ਚ ਆਵਾਜਾਈ ਸੁਚਾਰੂ ਬਣੀ ਰਹੇ ਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਵੱਲੋਂ ਕਿਹਾ ਗਿਆ ਕਿ ਤਿਉਹਾਰਾਂ ਦੌਰਾਨ ਸ਼ਹਿਰ ’ਚ ਸਫ਼ਾਈ ਵਿਵਸਥਾ ਤੇ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾਵੇਗੀ। ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਈ ਰੱਖਣਾ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਮੂਹ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਨੂੰ ਅਪੀਲ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਇਸ ਮੁਹਿੰਮ ’ਚ ਸਹਿਯੋਗ ਦੇਣ।