ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਅਗਵਾਈ ’ਚ ਬਦਲ ਰਿਹਾ ਨੰਗਲ ਹਰਜੋਤ ਬੈਂਸ ਕੈਬਨਿਟ ਮੰਤਰੀ ਦੀ ਅਗਵਾਈ ਵਿਚ ਬਦਲ ਰਿਹਾ ਨੰਗਲ
Publish Date: Thu, 08 Oct 2026 05:34 PM (IST)
Updated Date: Thu, 08 Oct 2026 05:35 PM (IST)
ਲੀਡ........3 ਨੰਬਰ ਪੇਜ਼ ਦੁਕਾਨਦਾਰਾਂ ’ਤੇ ਲੋਕਾਂ ਨੂੰ ਗਿੱਲਾ-ਸੁੱਕਾ ਕੂੜਾ ਵੱਖ-ਵੱਖ ਰੱਖਣ ਦੀ ਅਪੀਲ ਪੰਜਾਬੀ ਜਾਗਰਣ ਟੀਮ, ਨੰਗਲ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨੰਗਲ ਸ਼ਹਿਰ ’ਚ ਪਿਛਲੇ ਲਗਭਗ ਡੇਢ ਮਹੀਨੇ ਤੋਂ ਲਗਾਤਾਰ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਖੁੱਦ ਇਸ ਮੁਹਿੰਮ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਵੱਖ-ਵੱਖ ਵਾਰਡਾਂ ’ਚ ਪਹੁੰਚ ਕੇ ਸਫਾਈ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਨੰਗਲ ਦਾ ਕੋਈ ਵੀ ਕੋਨਾ ਸਫਾਈ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸ਼ਹਿਰ ਦੀ ਹਰ ਗਲੀ ਸਾਫ਼-ਸੁਥਰੀ ਨਜ਼ਰ ਆਵੇਗੀ। ਲਾਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਫਾਈ ਮੁਹਿੰਮ ਦੌਰਾਨ ਸਿਰਫ਼ ਸੜਕਾਂ ਅਤੇ ਗਲੀਆਂ ਦੀ ਸਫਾਈ ਹੀ ਨਹੀਂ ਕੀਤੀ ਜਾ ਰਹੀ, ਸਗੋਂ ਲੋਕਾਂ ਵੱਲੋਂ ਦਰਪੇਸ਼ ਸਥਾਨਕ ਸਮੱਸਿਆਵਾਂ ਨੂੰ ਵੀ ਮੌਕੇ ’ਤੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੰਗਲ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਸਫਾਈ ਸੇਵਕਾਂ ਵੱਲੋਂ ਕੀਤੀ ਜਾ ਰਹੀ ਮਿਹਨਤ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਦਿਨ-ਰਾਤ ਮਿਹਨਤ ਕਰਕੇ ਸ਼ਹਿਰ ਨੂੰ ਸਾਫ਼ ਰੱਖਣ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਫਾਈ ਮੁਹਿੰਮ ਦੀ ਸਫਲਤਾ ਸਿਰਫ਼ ਸਰਕਾਰੀ ਮਸ਼ੀਨਰੀ ਨਾਲ ਸੰਭਵ ਨਹੀਂ ਹੈ। ਇਸ ਲਈ ਸਫਾਈ ਸੇਵਕਾਂ ਦੇ ਨਾਲ-ਨਾਲ ਆਮ ਲੋਕਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ, ਵਪਾਰਕ ਅਦਾਰਿਆਂ ਅਤੇ ਹੋਰ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਹਰ ਨਾਗਰਿਕ ਆਪਣੇ ਘਰ, ਦੁਕਾਨ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਨਿਭਾਏਗਾ ਤਾਂ ਹੀ ਨੰਗਲ ਨੂੰ ਸੱਚੇ ਅਰਥਾਂ ’ਚ ਸਾਫ਼ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕੇਗਾ। ਉਨ੍ਹਾਂ ਦਕਾਨਦਾਰਾਂ, ਵਪਾਰਕ ਅਦਾਰਿਆਂ ਅਤੇ ਘਰਾਂ ਦੇ ਮਾਲਕਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ ਅਤੇ ਕੂੜਾ ਸੜਕਾਂ, ਗਲੀਆਂ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਕੂੜੇ ਦੀ ਸਹੀ ਢੰਗ ਨਾਲ ਵੱਖਰੀ-ਵੱਖਰੀ ਸੰਭਾਲ ਨਾਲ ਸਫਾਈ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫਾਈ ਰੱਖਣ ਦੇ ਨਾਲ ਹੋਰਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨੰਗਲ ’ਚ ਚਲਾਈ ਜਾ ਰਹੀ ਸਫਾਈ ਮੁਹਿੰਮ ਨੂੰ ਉਦੋਂ ਤੱਕ ਲਗਾਤਾਰ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਸ਼ਹਿਰ ਦੇ ਹਰ ਕੋਨੇ, ਹਰ ਗਲੀ ਅਤੇ ਹਰ ਇਲਾਕੇ ’ਚ ਸਫਾਈ ਦੀ ਸਥਾਈ ਵਿਵਸਥਾ ਯਕੀਨੀ ਨਹੀਂ ਬਣ ਜਾਂਦੀ। ਉਨ੍ਹਾਂ ਕਿਹਾ ਕਿ ਸਫਾਈ ਨੂੰ ਲੋਕ ਲਹਿਰ ਬਣਾਉਣ ਲਈ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ ਹੈ ਅਤੇ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨੰਗਲ ਨੂੰ ਹੋਰ ਸਾਫ਼, ਸੁੰਦਰ ਅਤੇ ਬਿਹਤਰ ਸ਼ਹਿਰ ਬਣਾਉਣ ਲਈ ਵਚਨਬੱਧ ਹੈ।