ਸਕੂਲ ਆਫ਼ ਐਮੀਨੈਂਸ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ
Publish Date: Sat, 31 Oct 2026 04:10 PM (IST)
Updated Date: Sat, 31 Oct 2026 04:11 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ ਵਿਖੇ ਲੋਹ ਪੁਰਸ਼ ਵੱਲਭਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਏਕਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐੱਨ.ਸੀ.ਸੀ. ਕੈਡਿਟਾਂ ਤੇ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਲੈਕਚਰਾਰ ਅਮਰਜੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਰਦਾਰ ਵੱਲਭਭਾਈ ਪਟੇਲ ਦੇ ਜੀਵਨ, ਦੇਸ਼ ਦੀ ਆਜ਼ਾਦੀ ਅਤੇ ਭਾਰਤ ਦੀਆਂ ਰਿਆਸਤਾਂ ਨੂੰ ਇਕਜੁੱਟ ਕਰਕੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ’ਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਐੱਨ.ਸੀ.ਸੀ. ਕੈਡਿਟਾਂ ਤੇ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ, ਅਖੰਡਤਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਏਕਤਾ ਦੀ ਸਹੁੰ ਚੁੱਕੀ। ਇਸ ਮੌਕੇ ਦੇਸ਼ ਦੀ ਏਕਤਾ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਅਤੇ ਹਰ ਨਾਗਰਿਕ ਵੱਲੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ। ਸਕੂਲ ਮੁੱਖੀ ਸ਼ਿਖਾ ਅਰੋੜਾ ਨੇ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਸਾਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਤ-ਪਾਤ, ਧਰਮ ਅਤੇ ਭਾਸ਼ਾ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਦੇਸ਼ ਦੀ ਤਰੱਕੀ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ’ਚ ਐੱਨ.ਸੀ.ਸੀ. ਕੈਡਿਟਾਂ ਤੇ ਹੋਰਨਾਂ ਵਿਦਿਆਰਥੀਆਂ ਦੀ ਸ਼ਮੂਲੀਅਤ ਨੇ ਦੇਸ਼ ਭਗਤੀ, ਅਨੁਸ਼ਾਸਨ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰੇ ਨੂੰ ਬਣਾਈ ਰੱਖਣ ਦਾ ਸੰਕਲਪ ਲਿਆ।