ਸੰਯੁਕਤ ਕਿਸਾਨ ਮੋਰਚੇ ਵੱਲੋਂ ਨੂਰਪੁਰਬੇਦੀ ’ਚ ਕੱਢਿਆ ਵਿਸ਼ਾਲ ਟਰੈਕਟਰ ਮਾਰਚ
ਸੰਯੁਕਤ ਕਿਸਾਨ ਮੋਰਚੇ ਵੱਲੋਂ ਨੂਰਪੁਰਬੇਦੀ ’ਚ ਕੱਢਿਆ ਵਿਸ਼ਾਲ ਟਰੈਕਟਰ ਮਾਰਚ
Publish Date: Tue, 27 Jan 2026 04:03 PM (IST)
Updated Date: Tue, 27 Jan 2026 04:07 PM (IST)

ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ, ਕਿਸਾਨ ਵਿਰੋਧੀ ਕਾਨੂੰਨ ਵਾਪਸ ਕਰੋ ਦੇ ਲੱਗੇ ਨਾਅਰੇ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ, ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਨਰੇਗਾ ਕਾਨੂੰਨ, ਬਿਜਲੀ ਸੋਧ ਬਿੱਲ, ਸੀਡ ਸੋਧ ਬਿੱਲ ਅਤੇ ਚਾਰ ਲੇਬਰ ਕੋਡਾਂ ਦੇ ਵਿਰੋਧ ਵਿਚ ਪੂਰੇ ਪੰਜਾਬ ’ਚ ਚਲ ਰਹੀ ਸੰਘਰਸ਼ੀ ਲਹਿਰ ਦੇ ਤਹਿਤ ਬਲਾਕ ਨੂਰਪੁਰਬੇਦੀ ਵਿਚ ਵੱਡਾ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਪਿੰਡ ਸਰਥਲੀ ਤੋਂ ਸ਼ੁਰੂ ਹੋ ਕੇ ਨੂਰਪੁਰਬੇਦੀ ਬੱਸ ਸਟੈਂਡ ’ਤੇ ਆ ਕੇ ਸਮਾਪਤ ਹੋਇਆ। ਟਰੈਕਟਰ ਮਾਰਚ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੈਂਕੜੇ ਕਿਸਾਨਾਂ ਨੇ ਭਾਗ ਲਿਆ। ਮਾਰਚ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ “ਕੇਂਦਰ ਸਰਕਾਰ ਮੁਰਦਾਬਾਦ”, “ਕਿਸਾਨ ਵਿਰੋਧੀ ਕਾਨੂੰਨ ਵਾਪਸ ਕਰੋ” ਅਤੇ “ਦਿੱਲੀ ਵਿਚ ਮੰਨੀਆਂ ਗਈਆਂ ਮੰਗਾਂ ਤੁਰੰਤ ਪੂਰੀਆਂ ਕਰੋ” ਵਰਗੇ ਨਾਅਰੇ ਲਾਏ। ਇਸ ਦੇ ਨਾਲ ਹੀ ਕਿਸਾਨਾਂ ’ਤੇ ਦਰਜ ਕੀਤੇ ਗਏ ਪਰਚੇ ਤੁਰੰਤ ਰੱਦ ਕਰਨ ਦੀ ਮੰਗ ਵੀ ਕੀਤੀ ਗਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾਂ ਕਨਵੀਨਰ ਧਰਮਪਾਲ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ’ਤੇ ਲਗਾਤਾਰ ਹਮਲੇ ਕਰ ਰਹੀ ਹੈ। ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ ਅਤੇ ਬਿਜਲੀ ਸੋਧ ਬਿੱਲ ਰਾਹੀਂ ਕਿਸਾਨਾਂ ’ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਮਹੂਰੀ ਕਿਸਾਨ ਸਭਾ ਦੇ ਆਗੂ ਮੋਹਣ ਸਿੰਘ ਧਮਾਣਾ ਨੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਤੇ ਪਰਚੇ ਰੱਦ ਨਹੀਂ ਕੀਤੇ ਜਾਂਦੇ, ਤਦ ਤੱਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਿਰਤੀ ਕਿਸਾਨ ਮੋਰਚੇ ਦੇ ਆਗੂ ਬੀਰ ਸਿੰਘ ਬੜਵਾ ਨੇ ਕਿਹਾ ਕਿ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਹੱਕ ਖੋਹਣ ਵਾਲੇ ਹਨ ਅਤੇ ਇਹ ਨੀਤੀਆਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿਚ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਇਕਜੁੱਟ ਹੋ ਕੇ ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਸੰਘਰਸ਼ ਜਾਰੀ ਰੱਖਣਗੇ। ਉਕਤ ਟਰੈਕਟਰ ਮਾਰਚ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਇਆ ਅਤੇ ਕਿਸਾਨਾਂ ਨੇ ਅੱਗੇ ਵੀ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਤੋਂ ਮੋਹਣ ਸਿੰਘ ਧਮਾਣਾ, ਧਰਮਪਾਲ ਸੈਣੀ, ਹਜਾਰਾ ਸਿੰਘ ਲਸਾੜੀ, ਧਰਮਪਾਲ ਟਿੱਬਾ ਟਿੱਪਰੀਆਂ, ਯੋਗਰਾਜ ਧਾਦਲੀ ਅਤੇ ਜਿੰਦਰ ਰੌਲੀ , ਕਿਰਤੀ ਕਿਸਾਨ ਮੋਰਚੇ ਵੱਲੋਂ ਬੀਰ ਸਿੰਘ ਬੜਵਾ, ਹਰਪ੍ਰੀਤ ਭੱਟੋ, ਮੇਜਰ ਸਿੰਘ ਅਸਮਾਨਪੁਰ, ਅਵਤਾਰ ਸਿੰਘ ਦਿਆਲ ਬੜਵਾ, ਬਲਵੀਰ ਸਿੰਘ ਮੁੰਨੇ, ਸੂਬੇਦਾਰ ਜਰਨੈਲ ਸਿੰਘ ਮੁੰਨੇ, ਜੀਤੀ ਅਤੇ ਸੁਖੀ ਬਜਰੂੜ ਤੇ ਹੋਰ ਸੈਂਕੜੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।