ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਕੇਂਦਰ ਫਰਾਖ਼ ਦਿਲੀ ਦਿਖਾਏ : ਬਾਠ
ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਕੇਂਦਰ ਫਰਾਖ਼ ਦਿਲੀ ਦਿਖਾਏ
Publish Date: Tue, 10 Feb 2026 05:09 PM (IST)
Updated Date: Tue, 10 Feb 2026 05:11 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਿੱਖ ਮਸਲਿਆਂ ਬਾਰੇ ਬੇਬਾਕ ਬੋਲਣ ਵਾਲੇ ਕੁਲਵੰਤ ਸਿੰਘ ਬਾਠ ਨੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਰੱਦ ਹੋਣ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਫਰਾਖ਼ ਦਿਲੀ ਦਿਖਾਉਂਦਿਆਂ ਇਸ ਮਾਮਲੇ ਵਿਚ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਸਰਕਾਰ ਬਣਾਉਣ ਦੀ ਇੱਛੁਕ ਹੈ ਅਤੇ ਸਿੱਖਾਂ ਦਾ ਦਿਲ ਜਿੱਤਣ ਲਈ ਇੱਕ ਕਦਮ ਅੱਗੇ ਵਧਾਉਂਦਿਆਂ ਪ੍ਰੋਫੈਸਰ ਭੁੱਲਰ ਦੀ ਰਿਹਾਈ ਲਈ ਠੋਸ ਫੈਸਲਾ ਲੈਣਾ ਚਾਹੀਦਾ ਹੈ, ਤਾਂ ਜੋ ਸਿੱਖ ਭਰੋਸੇ ਨਾਲ ਭਾਜਪਾ ਨਾਲ ਜੁੜ ਸਕਣ। ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ ਨੂੰ ਲਗਭਗ ਦਸ ਮਹੀਨੇ ਰਹਿ ਗਏ ਹਨ ਅਤੇ ਇਸ ਅਰਸੇ ਦੌਰਾਨ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਵੱਲ ਸਰਕਾਰ ਨੂੰ ਗੰਭੀਰਤਾ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਵੱਡੀ ਗਿਣਤੀ ਵਿਚ ਭਾਜਪਾ ਨਾਲ ਜੁੜ ਰਹੇ ਹਨ, ਇਸ ਲਈ ਲੋੜ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਨ੍ਹਾਂ ਨੂੰ ਸਾਕਾਰ ਕਰਨ ਲਈ ਫੈਸਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕ ਇਹ ਸਮਝ ਰਹੇ ਹਨ ਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ ਅਤੇ ਜੇਕਰ ਪੰਜਾਬ ਵਿਚ ਵੀ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਦਾ ਮਾਹੌਲ ਬਣੇਗਾ। ਪੰਜਾਬ ਤਰੱਕੀ ਕਰੇਗਾ ਅਤੇ ਲੱਖਾਂ ਕਰੋੜਾਂ ਦੇ ਕਰਜ਼ੇ ਤੋਂ ਵੀ ਰਾਹਤ ਮਿਲ ਸਕੇਗੀ। ਕੁਲਵੰਤ ਸਿੰਘ ਬਾਠ ਨੇ ਦੱਸਿਆ ਕਿ ਜਲਦ ਹੀ ਅਮਿਤ ਸ਼ਾਹ ਵੱਲੋਂ ਪੰਜਾਬ ਵਿਚ ਰੈਲੀ ਕੀਤੀ ਜਾ ਰਹੀ ਹੈ ਅਤੇ ਲੋਕਾਂ ਵਿਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਰੈਲੀ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੋਈ ਅਹਿਮ ਐਲਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਬਲਬੂਤੇ ’ਤੇ ਸਰਕਾਰ ਬਣਾਉਣਾ ਚਾਹੁੰਦੀ ਹੈ ਅਤੇ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਵਿੱਚ ਹੈ। ਜੇ ਭਾਜਪਾ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਵੱਲ ਮਜ਼ਬੂਤੀ ਨਾਲ ਅੱਗੇ ਵਧਣਾ ਹੈ ਤਾਂ ਇਸ ਦੀ ਸ਼ੁਰੂਆਤ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਪਸੰਦ ਕਰਨ ਲੱਗ ਪਏ ਹਨ ਇਸ ਲਈ ਭਾਜਪਾ ਨੂੰ ਵੀ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਵਿਚ ਬਿਨ੍ਹਾਂ ਦੇਰੀ ਪਹਿਲ ਕਰਨੀ ਹੋਵੇਗੀ। ਰਵਨੀਤ ਸਿੰਘ ਬਿੱਟੂ ਨੂੰ ਗਦਾਰ ਕਹਿਣ ਦੇ ਮਾਮਲੇ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੇ ਸਿੱਖਾਂ ਦੇ ਹੱਕ ਵਿੱਚ ਸਟੈਂਡ ਲਿਆ ਅਤੇ ਸਪਸ਼ਟ ਕੀਤਾ ਕਿ ਸਿੱਖ ਗੱਦਾਰ ਨਹੀਂ ਹੋ ਸਕਦਾ ਇਸੇ ਤਰ੍ਹਾਂ ਹੁਣ ਵੀ ਸਿੱਖਾਂ ਦੇ ਹੱਕ ਵਿਚ ਸਟੈਂਡ ਲੈ ਕੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦਾ ਮਾਨਸਿਕ ਸੰਤੁਲਨ ਵੀ ਪੂਰੀ ਤਰ੍ਹਾਂ ਠੀਕ ਨਹੀਂ ਹੈ ਅਤੇ ਭਵਿੱਖ ਵਿੱਚ ਸੁਸਾਇਟੀ ਨੂੰ ਉਸ ਤੋਂ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ ਦਿਸਦਾ, ਇਸ ਲਈ ਮਨੁੱਖੀ ਅਧਾਰ ’ਤੇ ਉਨ੍ਹਾਂ ਦੀ ਰਿਹਾਈ ਹੋਣੀ ਚਾਹੀਦੀ ਹੈ।