ਡੀਸੀ ਵੱਲੋਂ ਵੱਖ-ਵੱਖ ਸਕੀਮਾਂ ’ਤੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਵਿਚਾਰਾਂ
ਡਿਪਟੀ ਕਮਿਸ਼ਨਰ ਨੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ’ਤੇ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ
Publish Date: Wed, 11 Feb 2026 05:19 PM (IST)
Updated Date: Wed, 11 Feb 2026 05:20 PM (IST)

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ ਨੰਗਲ : ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪੁਰੋਜਰ ਲਾਗੂ ਕਰਨ, ਯੋਗ ਲਾਭਪਾਤਰੀਆਂ ਤੱਕ ਇਸ ਦਾ ਲਾਭ ਪੁੱਜਦਾ ਕਰਨ ਲਈ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡਚਲਵਾਲ ਨੇ ਵੱਖ-ਵੱਖ ਉੱਚ ਅਧਿਕਾਰੀਆਂ ਨਾਲ ਐਸਡੀਐਮ ਦਫਤਰ ਨੰਗਲ ਵਿਖੇ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸਮੀਖਿਆ ਕੀਤੀ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਲੋਕਾਂ ਨੂੰ ਸਕੀਮਾਂ ਤੋਂ ਵਾਂਝੇ ਨਾ ਰਹਿਣ ਦਿੱਤਾ ਜਾਵੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਖਿਲਾਫ ਜ਼ੋ ਲੜਾਈ ਸ਼ੁਰੂ ਕੀਤੀ ਗਈ ਹੈ ਉਸਨੂੰ ਜਨ ਭਾਗੀਦਾਰੀ ਦੇ ਸਹਿਯੋਗ ਸਦਕਾ ਜੰਗੀ ਪੱਧਰ ਤੇ ਜਾਰੀ ਰੱਖਿਆ ਜਾਵੇ ਤਾਂ ਜ਼ੋ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਹੋ ਸਕੇ। ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ’ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਲਾਭ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਹਿੱਤ ਲਈ ਚਲਾਈਆਂ ਗਈਆਂ ਸਕੀਮਾਂ ਨੂੰ ਮੁਹੱਈਆ ਕਰਵਾਉਣ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਵਿਚ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਮੀਨੀ ਪੱਧਰ ’ਤੇ ਕਰਨ ਲਈ ਉਨ੍ਹਾਂ ਵੱਲੋਂ ਹਰੇਕ ਬੁੱਧਵਾਰ ਨੂੰ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਲੋਕ ਮਿਲਣੀ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਿਕੇਸ਼ ਗੁਪਤਾ, ਆਰਟੀਓ ਰੂਪਨਗਰ ਅਰਸ਼ਦੀਪ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਡੀਐਸਪੀ ਨੰਗਲ ਹਰਕੀਰਤ ਸਿੰਘ, ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਰਸ਼ਿਮ ਵਰਮਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਐੱਸਐੱਚਓ ਨੰਗਲ ਸਿਮਰਨਜੀਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।