ਅਮਰੀਕੀ ਉਤਪਾਦ ਭਾਰਤ ’ਚ ਵਿਕਣ ’ਤੇ ਕਿਸਾਨ ਹੋਣਗੇ ਪ੍ਰਭਾਵਿਤ : ਸੰਦੋਆ
ਅਮਰੀਕਾ ਦੇ ਕਿਸਾਨੀ ਉਤਪਾਦ ਭਾਰਤੀ ਮੰਡੀ ਵਿੱਚ ਵਿਕਣ ਤੇ ਇੱਥੋਂ ਦੇ ਕਿਸਾਨ ਹੋਣਗੇ ਬੁਰੀ ਤਰ੍ਹਾਂ ਪ੍ਰਭਾਵਿਤ- ਸੰਦੋਆ
Publish Date: Mon, 16 Feb 2026 05:39 PM (IST)
Updated Date: Mon, 16 Feb 2026 05:42 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਪਿੰਡ ਰੂੜੇਵਾਲ ਵਿਖੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। ਕਿਸਾਨ ਆਗੂ ਰੁਪਿੰਦਰ ਸਿੰਘ ਸੰਦੋਆ ਅਤੇ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ, ਦੁੱਧ ਉਤਪਾਦਕਾਂ ਅਤੇ ਮਜ਼ਦੂਰ ਵਰਗ ਦੇ ਪ੍ਰਤੀਨਿਧੀਆਂ ਨੇ ਹਾਜ਼ਰੀ ਭਰੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਰੁਪਿੰਦਰ ਸਿੰਘ ਸੰਦੋਆ ਨੇ ਕਿਹਾ ਕਿ ਪਿੰਡ ਪੱਧਰ ‘ਤੇ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਾ ਮੁੱਖ ਉਦੇਸ਼ ਕਿਸਾਨਾਂ, ਦੁੱਧ ਉਤਪਾਦਕਾਂ ਅਤੇ ਮਜ਼ਦੂਰ ਵਰਗ ਨੂੰ ਇਕੱਠਾ ਕਰਕੇ ਸੰਘਰਸ਼ ਲਈ ਲਾਮਬੱਧ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਬਣਾਈਆਂ ਜਾ ਰਹੀਆਂ ਨੀਤੀਆਂ ਕਾਰਨ ਖੇਤੀਬਾੜੀ ਅਤੇ ਡੇਅਰੀ ਸੈਕਟਰ ਨੂੰ ਗੰਭੀਰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਖ਼ਾਸ ਤੌਰ ‘ਤੇ ਚਿੰਤਾ ਜ਼ਾਹਿਰ ਕੀਤੀ ਕਿ ਜੇ ਅਮਰੀਕਾ ਦੇ ਦੁੱਧ ਅਤੇ ਕਿਸਾਨੀ ਉਤਪਾਦਾਂ ਨੂੰ ਭਾਰਤ ਦੇ ਬਾਜ਼ਾਰ ਵਿੱਚ ਬਿਨਾਂ ਰੋਕਟੋਕ ਵੇਚਣ ਦੀ ਆਗਿਆ ਮਿਲਦੀ ਹੈ ਤਾਂ ਇਸ ਨਾਲ ਦੇਸ਼ ਦੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ‘ਤੇ ਭਾਰੀ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ੀ ਕੰਪਨੀਆਂ ਦੇ ਸਸਤੇ ਉਤਪਾਦਾਂ ਕਾਰਨ ਪੰਜਾਬ ਦੇ ਛੋਟੇ ਅਤੇ ਦਰਮਿਆਨੇ ਕਿਸਾਨ ਆਰਥਿਕ ਮੰਦੀ ਦਾ ਸ਼ਿਕਾਰ ਹੋ ਜਾਣਗੇ। ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਵੀ ਆਪਣੀ ਰਾਏ ਪ੍ਰਗਟ ਕਰਦਿਆਂ ਕਿਹਾ ਕਿ ਖੇਤੀਬਾੜੀ ਅਤੇ ਡੇਅਰੀ ਖੇਤਰ ਨਾਲ ਜੁੜੇ ਲੋਕਾਂ ਦੀ ਆਮਦਨ ਪਹਿਲਾਂ ਹੀ ਘੱਟ ਰਹੀ ਹੈ। ਇਸ ਮੌਕੇ ‘ਤੇ ਵੇਰਕਾ ਮਿਲਕ ਪਲਾਂਟ ਮੋਹਾਲੀ ਵੱਲੋਂ ਲਗਾਤਾਰ ਘਟਾਏ ਜਾ ਰਹੇ ਦੁੱਧ ਦੇ ਰੇਟਾਂ ‘ਤੇ ਵੀ ਗੰਭੀਰ ਚਿੰਤਾ ਜ਼ਾਹਿਰ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਦੁੱਧ ਦੇ ਰੇਟ ਘਟਣ ਕਾਰਨ ਉਤਪਾਦਨ ਲਾਗਤ ਵੀ ਪੂਰੀ ਨਹੀਂ ਹੋ ਰਹੀ, ਜਿਸ ਨਾਲ ਦੁੱਧ ਉਤਪਾਦਕ ਘਾਟੇ ਵਿੱਚ ਜਾ ਰਹੇ ਹਨ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਵੇਰਕਾ ਮਿਲਕ ਪਲਾਂਟ ਵੱਲੋਂ ਦੁੱਧ ਦੇ ਰੇਟ ਪਹਿਲਾਂ ਵਾਲੇ ਪੱਧਰ ‘ਤੇ ਬਹਾਲ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਵੇਰਕਾ ਮਿਲਕ ਪਲਾਂਟ ਮੋਹਾਲੀ ਦੇ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ ਅਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਸਾਰੇ ਹਾਜ਼ਰ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੇ ਇਕਜੁੱਟ ਰਹਿਣ ਅਤੇ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ।