ਬੀਮਾ ਯੋਜਨਾ ਤਹਿਤ 500 ਲੋਕਾਂ ਨੇ ਕਰਵਾਈ ਰਜਿਸਟਰੇਸ਼ਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਨਲਹੋਟੀ ਅਪਰ ’ਚ 500 ਲੋਕਾਂ ਨੇ ਕਰਵਾਈ ਰਜਿਸਟਰੇਸ਼ਨ
Publish Date: Wed, 18 Feb 2026 03:56 PM (IST)
Updated Date: Wed, 18 Feb 2026 03:57 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਪਿੰਡ ਨਲਹੋਟੀ ਉੱਪਰਲੀ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਬਣਾਉਣ ਲਈ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜ ਦਿਨਾਂ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਲਗਾਤਾਰ ਪੰਜ ਦਿਨ ਤੱਕ ਚੱਲਿਆ, ਜਿਸ ਦੌਰਾਨ ਸਰਕਾਰੀ ਟੀਮ ਨੇ ਪਿੰਡ ਵਾਸੀਆਂ ਨੂੰ ਯੋਜਨਾ ਦੀਆਂ ਸ਼ਰਤਾਂ, ਲਾਭਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੈਂਪ ਦੌਰਾਨ ਲਗਭਗ 500 ਹੱਕਦਾਰ ਵਿਅਕਤੀਆਂ ਨੇ ਯੋਜਨਾ ਅਧੀਨ ਆਪਣੇ ਕਾਰਡ ਬਣਵਾਉਣ ਲਈ ਫਾਰਮ ਭਰੇ। ਟੀਮ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਮੌਕੇ ‘ਤੇ ਹੀ ਅਰਜ਼ੀਆਂ ਸਵੀਕਾਰ ਕੀਤੀਆਂ ਗਈਆਂ। ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਯੋਜਨਾ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਜ਼ਰੂਰਤਮੰਦ ਪਰਿਵਾਰਾਂ ਲਈ ਵੱਡੀ ਰਾਹਤ ਕਰਾਰ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਿੰਕੂ ਸਿੰਘ, ਪਿੰਡ ਦੇ ਸਰਪੰਚ ਹਰਮੇਸ਼ ਚੰਦ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਨੇ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਉਣ ਲਈ ਅਜਿਹੇ ਕੈਂਪ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਨਾਲ ਲੋਕਾਂ ਵਿਚ ਵਿਸ਼ਵਾਸ ਵਧਦਾ ਹੈ ਅਤੇ ਸਰਕਾਰੀ ਸਹੂਲਤਾਂ ਸਿੱਧੇ ਤੌਰ ‘ਤੇ ਲਾਭਪਾਤਰੀਆਂ ਤੱਕ ਪਹੁੰਚਦੀਆਂ ਹਨ। ਪਿੰਡ ਵਾਸੀਆਂ ਨੇ ਸਰਕਾਰੀ ਟੀਮ ਦੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਯੋਗ ਵਿਅਕਤੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਪੂਰਾ ਲਾਭ ਮਿਲ ਸਕੇ।