ਗੁਰਦਾਸਪੁਰ ਘਟਨਾ ਮਾਮਲੇ ’ਚ ਡਾ. ਚੀਮਾ ਵੱਲੋਂ ਸਰਕਾਰ ’ਤੇ ਨਿਸ਼ਾਨੇ
ਗੁਰਦਾਸਪੁਰ ਘਟਨਾ ਮਾਮਲੇ ’ਚ ਡਾ. ਦਲਜੀਤ ਸਿੰਘ ਵੱਲੋਂ ਸਰਕਾਰ ’ਤੇ ਨਿਸ਼ਾਨੇ
Publish Date: Mon, 23 Feb 2026 06:43 PM (IST)
Updated Date: Mon, 23 Feb 2026 06:46 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ਼੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਨੇ ਗੁਰਦਾਸਪੁਰ ਵਿਖੇ ਵਾਪਰੀ ਘਟਨਾ ਸਬੰਧੀ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੱਕ ਪਾਸੇ ਸਰਕਾਰ ਦੇ ਇਸ਼ਾਰੇ ‘ਤੇ ਨਿਰਦੋਸ਼ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ, ਜਦਕਿ ਅਮਨ-ਚੈਨ ਕਾਇਮ ਕਰਨ ਵਿਚ ਸਰਕਾਰ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸਦਾ ਸਿੱਧਾ ਕਾਰਨ ਹੈ ਸਰਕਾਰ ਦੇ ਫ਼ੈਸਲੇ ਪੰਜਾਬ ਦੀ ਬਜਾਇ ਦਿੱਲੀ ਤੋਂ ਹੋ ਰਹੇ ਹਨ, ਜਿਸ ਕਾਰਨ ਸੂਬੇ ਦੇ ਹਿਤ ਪ੍ਰਭਾਵਿਤ ਹੋ ਰਹੇ ਹਨ। ਡਾ. ਚੀਮਾਂ ਨੇ ਇਸ ਮਾਮਲੇ ’ਚ ਸਰਕਾਰ ਤੋਂ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਬਾਬਾ ਘਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਚ ਵੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਧਾਰਮਿਕ ਹਸਤੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਹੈ। ਅਧਿਆਪਕਾਂ ਦੇ ਮਸਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਆਪਕ ਕੱਲ੍ਹ ਸੜਕਾਂ ‘ਤੇ ਉਤਰੇ ਕਿਉੰਕਿ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿਚ ਫੇਲ੍ਹ ਰਹੀ ਹੈ। ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਬਾਰੇ ਦਿੱਤੇ ਬਿਆਨਾਂ ਬਾਰੇ ਪੁੱਛੇ ਜਾਣ ’ਤੇ ਡਾ. ਚੀਮਾਂ ਨੇ ਕਿਹਾ ਕਿ ਸਤਿਕਾਰਯੋਗ ਅਹੁਦਿਆਂ ’ਤੇ ਬੈਠ ਚੁੱਕੇ ਵਿਅਕਤੀਆਂ ਨੂੰ ਸੋਚ-ਵਿਚਾਰ ਕੇ ਬੋਲਣਾ ਚਾਹੀਦਾ ਹੈ ਅਤੇ ਅਹੁਦਿਆਂ ਦੀ ਮਰਯਾਦਾ ਕਾਇਮ ਰੱਖਣੀ ਚਾਹੀਦੀ ਹੈ। ਇਸ ਮੌਕੇ ਡਾ. ਚੀਮਾਂ ਨਾਲ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੀ ਮੌਜੂਦ ਸਨ।