ਅੱਜ ਰਾਤ ਅਰੰਭ ਹੋਵੇਗਾ ਹੋਲਾ ਮਹੱਲਾ : ਭਾਈ ਚਾਵਲਾ
ਅੱਜ ਰਾਤ 11.30 ਵਜੇ ਤੋਂ ਬਾਅਦ ਨਗਾਰਿਆਂ ਦੀ ਚੋਟ ਤੇ ਅਰੰਭ ਹੋਵੇਗਾ ਹੋਲਾ ਮਹੱਲਾ: ਭਾਈ ਅਮਰਜੀਤ ਸਿੰਘ ਚਾਵਲਾ
Publish Date: Wed, 25 Feb 2026 05:31 PM (IST)
Updated Date: Wed, 25 Feb 2026 05:34 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਿੱਖ ਪੰਥ ਦੀ ਆਨ ਅਤੇ ਸ਼ਾਨ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ 26 ਫਰਵਰੀ ਦੀ ਰਾਤ 11.30 ਵਜੇ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ ਵਿੱਚ ਅਰੰਭ ਹੋਵੇਗਾ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਹੋਲਾ ਮਹੱਲਾ ਸਿੱਖ ਪੰਥ ਦਾ ਉਹ ਵਿਲੱਖਣ ਤਿਉਹਾਰ ਹੈ ਜਿਸ ਨੂੰ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਅੰਦਰ ਪੰਥਕ ਜਜ਼ਬਾ ਭਰਨ ਅਤੇ ਸ਼ਸਤਰਧਾਰੀ ਬਣਾਉਣ ਦੇ ਉਦੇਸ਼ ਨਾਲ ਅਰੰਭ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਿੱਖ ਇਤਿਹਾਸ, ਬਹਾਦਰੀ ਅਤੇ ਰੂਹਾਨੀਅਤ ਦਾ ਪ੍ਰਤੀਕ ਹੈ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਭਾਈ ਚਾਵਲਾ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਸਾਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਲਈ ਰਹਾਇਸ਼, ਲੰਗਰ, ਸਾਫ਼ ਪੀਣ ਵਾਲਾ ਪਾਣੀ ਅਤੇ ਮੈਡੀਕਲ ਸਹੂਲਤਾਂ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੋਲਾ ਮਹੱਲਾ ਮੌਕੇ ਪਹੁੰਚਣ ਵਾਲੀਆਂ ਸੰਗਤਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕਿਸੇ ਵੀ ਅਣਚਾਹੀ ਦੁਰਘਟਨਾ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਲਈ ਵਿਸ਼ੇਸ਼ ਬੀਮਾ ਪਾਲਿਸੀ ਕਰਵਾਈ ਗਈ ਹੈ ਤਾਂ ਜੋ ਪੀੜਤ ਨੂੰ ਮੌਕੇ ਤੇ ਹੀ ਮਦਦ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ 26, 27 ਫਰਵਰੀ ਅਤੇ 1 ਮਾਰਚ ਨੂੰ ਹੋਲਾ ਮਹੱਲਾ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਜਦਕਿ 2, 3 ਅਤੇ 4 ਮਾਰਚ ਨੂੰ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਭੁਪਿੰਦਰ ਸਿੰਘ ਮੀਤ ਮੈਨੇਜਰ, ਸੁਖਬੀਰ ਸਿੰਘ ਕਲਮਾ ਮੀਤ ਮੈਨੇਜਰ, ਬਾਬਾ ਕਾਲਾ ਸਿੰਘ ਜੀ ਭੂਰੀ ਵਾਲੇ ਅਤੇ ਸੁਖਵਿੰਦਰ ਸਿੰਘ ਗਲਾਲੀਪੁਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।