ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਕੀਤੇ ਨਿਰਦੇਸ਼ ਜਾਰੀ
ਥਾਣਾ ਮੁਖੀ ਨੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਸੜਕ ਦੇ ਨਾਲ ਕੀਤੇ
Publish Date: Thu, 26 Feb 2026 03:53 PM (IST)
Updated Date: Thu, 26 Feb 2026 03:55 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਅਤੇ ਆਮ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਥਾਣਾ ਮੁਖੀ ਰੋਹਿਤ ਸ਼ਰਮਾ ਵੱਲੋਂ ਪੁਲਿਸ ਥਾਣਾ ਨੂਰਪੁਰਬੇਦੀ ਦੀ ਹਦੂਦ ਅੰਦਰ ਆਉਂਦੀਆਂ ਮੁੱਖ ਸੜਕਾਂ ਤੇ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜਿਆਂ ਨੂੰ ਹਟਾਉਣ ਸਬੰਧੀ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੜਕਾਂ ਦੇ ਨਾਲ ਨਾਲ ਕੀਤੇ ਗਏ ਕਬਜ਼ਿਆਂ ਸਬੰਧੀ ਗੰਭੀਰ ਚਰਚਾ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਸਵੈ-ਇੱਛਾ ਨਾਲ ਕਬਜ਼ੇ ਹਟਾਉਣ ਲਈ ਅਪੀਲ ਕੀਤੀ ਗਈ। ਥਾਣਾ ਮੁਖੀ ਸ਼ਰਮਾ ਨੇ ਕਿਹਾ ਕਿ ਸੜਕਾਂ ਉੱਪਰ ਜਾਂ ਸੜਕ ਕਿਨਾਰੇ ਕੀਤਾ ਗਿਆ ਗੈਰ ਕਾਨੂੰਨੀ ਕਬਜ਼ਾ ਨਾ ਸਿਰਫ ਟ੍ਰੈਫਿਕ ਜਾਮ ਦਾ ਕਾਰਨ ਬਣਦਾ ਹੈ, ਸਗੋਂ ਐਮਰਜੈਂਸੀ ਸੇਵਾਵਾਂ ਲਈ ਵੀ ਰੁਕਾਵਟ ਪੈਦਾ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਅਤੇ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜਲਦ ਹੀ ਸੜਕਾਂ ਤੋਂ ਕਬਜ਼ੇ ਹਟਾਉਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਥਾਣਾ ਮੁਖੀ ਰੋਹਿਤ ਸ਼ਰਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਕਬਜ਼ੇ ਸਵੈ-ਇੱਛਾ ਨਾਲ ਨਾ ਹਟਾਏ ਗਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੁਲਿਸ ਦਾ ਮਕਸਦ ਕਿਸੇ ਨੂੰ ਤੰਗ ਕਰਨਾ ਨਹੀਂ, ਸਗੋਂ ਸ਼ਹਿਰ ਵਿੱਚ ਸੁਚੱਜਾ ਅਤੇ ਸੁਰੱਖਿਅਤ ਮਾਹੌਲ ਬਣਾਈ ਰੱਖਣਾ ਹੈ।ਇਸ ਮੌਕੇ ਥਾਣਾ ਮੁਖੀ ਨੇ ਦੁਕਾਨਾਂ ਦੀ ਸੁਰੱਖਿਆ ਸਬੰਧੀ ਵੀ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਰਾਤ ਸਮੇਂ ਚੋਰੀਆਂ ਅਤੇ ਅਪਰਾਧਕ ਘਟਨਾਵਾਂ ਤੋਂ ਬਚਾਅ ਲਈ ਬਜ਼ਾਰਾਂ ਵਿੱਚ ਚੌਕੀਦਾਰ ਤਾਇਨਾਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਦੁਕਾਨਦਾਰ ਆਪਸੀ ਸਹਿਮਤੀ ਨਾਲ ਸੁਰੱਖਿਆ ਕਰਮਚਾਰੀ ਰੱਖਣ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਮੀਟਿੰਗ ਦੌਰਾਨ ਦੁਕਾਨਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੁਲਿਸ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਸ਼ਹਿਰ ਵਾਸੀਆਂ ਵੱਲੋਂ ਵੀ ਇਸ ਕਦਮ ਦੀ ਸਰਾਹਨਾ ਕੀਤੀ ਜਾ ਰਹੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਕਾਰਵਾਈ ਨਾਲ ਟ੍ਰੈਫਿਕ ਸਮੱਸਿਆ ਦਾ ਹੱਲ ਨਿਕਲੇਗਾ ਅਤੇ ਬਜ਼ਾਰਾਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਇੰਸਪੈਕਟਰ ਬਲਵੀਰ ਚੰਦ, ਏਐਸਆਈ ਮਲਕੀਤ ਸਿੰਘ ਤੇ ਹੋਰ ਪੁਲਿਸ ਅਧਿਕਾਰੀ, ਮੁਲਾਜ਼ਮ ਤੇ ਦੁਕਾਨਦਾਰ ਹਾਜ਼ਰ ਸਨ।