ਅਰਬ ਦੇਸ਼ਾਂ ’ਚ ਫਸੇ ਭਾਰਤੀਆਂ ਦੀ ਵਾਪਸੀ ਲਈ ਕੇਂਦਰ ਚੁੱਕੇ ਠੋਸ ਕਦਮ : ਢਿੱਲੋਂ
ਅਰਬ ਦੇਸ਼ਾਂ ’ਚ ਫਸੇ ਭਾਰਤੀਆਂ ਦੀ ਸੁਰੱਖਿਆ ਨੂੰ ਭੁੱਲ ਕੇ ਕੇਂਦਰੀ ਲੀਡਰਸ਼ਿਪ ਚੋਣ ਰੈਲੀਆਂ ’ਚ ਮਸਤ: ਬਰਿੰਦਰ ਸਿੰਘ ਢਿੱਲੋ
Publish Date: Mon, 02 Mar 2026 05:15 PM (IST)
Updated Date: Mon, 02 Mar 2026 05:16 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਅਰਬ ਦੇਸ਼ਾਂ ਵਿਚ ਮੌਜੂਦਾ ਤਣਾਭਰੇ ਹਾਲਾਤਾਂ ਦਰਮਿਆਨ ਉੱਥੇ ਫਸੇ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਉਂਦੇ ਹੋਏ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ’ਤੇ ਹਲਕਾ ਰੂਪਨਗਰ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਰਬ ਦੇਸ਼ਾਂ ਵਿਚ ਹਜ਼ਾਰਾਂ ਭਾਰਤੀ ਅਸਮੰਜਸ ਅਤੇ ਡਰ ਦੇ ਮਾਹੌਲ ਵਿਚ ਜੀ ਰਹੇ ਹਨ, ਦੂਜੇ ਪਾਸੇ ਦੇਸ਼ ਦੀ ਕੇਂਦਰੀ ਲੀਡਰਸ਼ਿਪ ਚੋਣ ਰੈਲੀਆਂ ਅਤੇ ਰਾਜਨੀਤਿਕ ਕਾਰਜਕ੍ਰਮਾਂ ਵਿਚ ਮਸਤ ਨਜ਼ਰ ਆ ਰਹੀ ਹੈ। ਇਹ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਸੰਕਟ ਦੀ ਇਸ ਘੜੀ ਵਿਚ ਆਪਣੇ ਹੀ ਨਾਗਰਿਕਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ। ਢਿੱਲੋ ਨੇ ਸਵਾਲ ਉਠਾਇਆ ਕਿ ਆਖਿਰ ਹਾਲੇ ਤੱਕ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਜਾਣ ਲਈ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਕਿਉਂ ਨਹੀਂ ਚੁੱਕਿਆ ਗਿਆ? ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਤੁਰੰਤ ਉੱਚ ਪੱਧਰੀ ਟੀਮਾਂ ਭੇਜ ਕੇ ਹਾਲਾਤਾਂ ਦਾ ਜਾਇਜ਼ਾ ਲੈਣਾ ਚਾਹੀਦਾ ਸੀ ਅਤੇ ਵਿਸ਼ੇਸ਼ ਉਡਾਣਾਂ ਰਾਹੀਂ ਆਪਣੇ ਨਾਗਰਿਕਾਂ ਦੀ ਵਾਪਸੀ ਯਕੀਨੀ ਬਣਾਉਣੀ ਚਾਹੀਦੀ ਸੀ। ਪਰ ਅਫਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੀ ਤਰਜੀਹਾਂ ਵਿੱਚ ਆਮ ਲੋਕਾਂ ਦੀ ਸੁਰੱਖਿਆ ਨਹੀਂ, ਸਗੋਂ ਰਾਜਨੀਤਿਕ ਲਾਭ ਪਹਿਲਾਂ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਬ ਦੇਸ਼ਾਂ ਵਿੱਚ ਕੰਮ ਕਰਦੇ ਪੰਜਾਬੀ ਅਤੇ ਹੋਰ ਭਾਰਤੀ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਣ ਗਏ ਸਨ, ਪਰ ਅੱਜ ਉਹ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੇ ਪਰਿਵਾਰ ਇੱਥੇ ਪੰਜਾਬ ਵਿੱਚ ਗੰਭੀਰ ਚਿੰਤਾ ਵਿੱਚ ਡੁੱਬੇ ਹੋਏ ਹਨ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਹੇਲਪਲਾਈਨ ਨੰਬਰ ਜਾਰੀ ਕਰਕੇ, ਦੂਤਾਵਾਸਾਂ ਰਾਹੀਂ ਸਹਾਇਤਾ ਕੈਂਪ ਸਥਾਪਿਤ ਕਰਕੇ ਅਤੇ ਰਾਹਤ ਯੋਜਨਾਵਾਂ ਦਾ ਐਲਾਨ ਕਰਕੇ ਸਥਿਤੀ ਨੂੰ ਸੰਭਾਲੇ। ਬਰਿੰਦਰ ਸਿੰਘ ਢਿੱਲੋ ਨੇ ਮੰਗ ਕੀਤੀ ਕਿ ਵਿਦੇਸ਼ ਮੰਤਰਾਲਾ ਪੂਰੀ ਤਰ੍ਹਾਂ ਸਚੇਤ ਹੋ ਕੇ ਪ੍ਰਭਾਵਿਤ ਖੇਤਰਾਂ ਵਿਚ ਫਸੇ ਹਰ ਇਕ ਭਾਰਤੀ ਨਾਲ ਸੰਪਰਕ ਕਰੇ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾਏ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਜਲਦ ਹੀ ਢੁੱਕਵੇਂ ਕਦਮ ਨਾ ਚੁੱਕੇ ਤਾਂ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਦੀ ਜਾਨ ਦੀ ਹਿਫ਼ਾਜ਼ਤ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਇਸ ’ਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਕਬੂਲ ਨਹੀਂ ਕੀਤੀ ਜਾ ਸਕਦੀ।