ਹੋਲੇ ਮਹੱਲੇ ਦੀ ਸੰਪੂਰਨਤਾ ’ਤੇ ਕਰਵਾਇਆ ਗੁਰਮਤਿ ਸਮਾਗਮ
ਹੋਲੇ ਮਹੱਲੇ ਦੇ ਸਫਲਤਾ ਪੂਰਵਕ ਸੰਪੰਨ ਹੋਣ ’ਤੇ ਤਖਤ ਸਾਹਿਬ ‘ਤੇ ਗੁਰਮਤਿ ਸਮਾਗਮ ਕਰਵਾਇਆ
Publish Date: Mon, 09 Mar 2026 05:17 PM (IST)
Updated Date: Mon, 09 Mar 2026 05:21 PM (IST)

ਸੁਖਵਿੰਦਰ ਸੁੱਖੂ, ਪਂਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਏ ਗਏ ਹੋਲੇ-ਮਹੱਲੇ ਦੀ ਸਫ਼ਲ ਸੰਪੂਰਨਤਾ ਉਪਰੰਤ ਪੁਰਾਤਨ ਰਵਾਇਤ ਅਨੁਸਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਪਰਸੋਂ ਰੋਜ਼ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਿਸ ਵਿਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਪਾਲ ਸਿੰਘ ਜੀ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਿੱਥੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਿ-ਕੋਟਿ ਧੰਨਵਾਦ ਕੀਤਾ ਗਿਆ, ਉੱਥੇ ਹੀ ਹੋਲਾ ਮਹੱਲਾ ਸਮਾਗਮਾਂ ਦੌਰਾਨ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਸਾਰੇ ਪ੍ਰਬੰਧ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਹਿਯੋਗ ਨਾਲ ਕੀਤੇ ਗਏ। ਇਸ ਮੌਕੇ ਸਮੂਹ ਸਿੱਖ ਜਥੇਬੰਦੀਆਂ, ਦਲ-ਪੰਥਾਂ ਅਤੇ ਸਿੱਖ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸੰਗਤੀ ਰੂਪ ਵਿਚ ਇਸ ਕਾਰਜ ਨੂੰ ਨੇਪਰੇ ਚਾੜ੍ਹਿਆ। ਜਥੇਦਾਰ ਸਾਹਿਬ ਨੇ ਅੱਗੇ ਕਿਹਾ ਕਿ ਸੱਚੇ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਅਕਾਲ ਪੁਰਖ ਸਮੁੱਚੇ ਪੰਥ ਨੂੰ ਚੜ੍ਹਦੀ ਕਲਾ ਵਿਚ ਰੱਖਣ ਅਤੇ ਆ ਰਹੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਪਵਿੱਤਰ ਦਿਹਾੜੇ ਤੇ ਸਮੂਹ ਸੰਗਤ ਨੂੰ ਖੰਡੇ-ਬਾਟੇ ਦੀ ਪਾਹੁਲ ਛਕ ਕੇ ਗੁਰੂ ਲੜ ਲੱਗਣ ਦਾ ਬਲ ਅਤੇ ਉੱਦਮ ਬਖਸ਼ਣ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਵੀ ਹੋਲਾ ਮਹੱਲਾ ਸਮਾਗਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸਮੂਹ ਸਿੱਖ ਜਥੇਬੰਦੀਆਂ, ਦਲ-ਪੰਥਾਂ ਅਤੇ ਸਿੱਖ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਮੈਨੇਜਰ ਸੁਖਬੀਰ ਸਿੰਘ ਕਲਮਾ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਅਮਰਜੀਤ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ ਜੇਈ, ਭਾਈ ਸਰਬਜੀਤ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਜੋਤ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਪ੍ਰਤਾਪ ਸਿੰਘ, ਭਾਈ ਉਪਿੰਦਰਪਾਲ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।