ਅਫ਼ਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ : ਸੁਖਪਾਲ ਸਿੰਘ
ਘਰੇਲੂ ਗੈਸ ਸਿਲੰਡਰ ਦੀ ਕੋਈ ਕਮੀ ਨਹੀਂ : ਐਸ.ਡੀ.ਐਮ ਸੁਖਪਾਲ ਸਿੰਘ
Publish Date: Thu, 12 Mar 2026 04:41 PM (IST)
Updated Date: Thu, 12 Mar 2026 04:45 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਖੇਤਰ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਸਬੰਧੀ ਫੈਲ ਰਹੀਆਂ ਅਫਵਾਹਾਂ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ‘ਤੇ ਗਲਤ ਜਾਣਕਾਰੀ ਫੈਲਣ ਕਾਰਨ ਲੋਕਾਂ ਵਿਚ ਬੇਵਜ੍ਹਾ ਚਿੰਤਾ ਪੈਦਾ ਹੋ ਸਕਦੀ ਹੈ, ਇਸ ਲਈ ਜਨਤਾ ਨੂੰ ਅਜਿਹੀਆਂ ਗੱਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਰੂਰੀ ਵਸਤੂਆਂ ਦੀ ਸਪਲਾਈ ਅਤੇ ਉਨ੍ਹਾਂ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣਾ ਪਹਿਲੀ ਤਰਜੀਹ ਹੈ। ਇਸ ਲਈ ਸਬੰਧਤ ਵਿਭਾਗਾਂ ਵੱਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਨਿਯਮਾਂ ਦੀ ਉਲੰਘਣਾ ਕਰਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ.ਡੀ.ਐਮ. ਸੁਖਪਾਲ ਸਿੰਘ ਨੇ ਇਹ ਵੀ ਕਿਹਾ ਕਿ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਵਰਤੋਂ ਸੰਜਮ ਅਤੇ ਨਿਯਮਾਂ ਦੇ ਅਨੁਸਾਰ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗੈਸ ਸਿਲੰਡਰਾਂ ਦੀ ਸਹੀ ਵਰਤੋਂ ਨਾਲ ਨਾ ਸਿਰਫ਼ ਸਪਲਾਈ ਪ੍ਰਣਾਲੀ ਸਹੀ ਤਰ੍ਹਾਂ ਚੱਲਦੀ ਰਹਿੰਦੀ ਹੈ, ਸਗੋਂ ਹੋਰ ਲੋਕਾਂ ਨੂੰ ਵੀ ਸਮੇਂ ਸਿਰ ਇਹ ਸਹੂਲਤ ਮਿਲਦੀ ਰਹਿੰਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਕਿਸੇ ਵੀ ਜ਼ਰੂਰੀ ਵਸਤੂਆਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।