ਸਰਕਾਰ ਨੇ ਚੋਣਾਂ ਜਿੱਤੀਆਂ ਨਹੀਂ ਲੁੱਟੀਆਂ ਹਨ : ਮਿੱਤਲ
ਸਰਕਾਰ ਨੇ ਚੋਣਾਂ ਜਿੱਤੀਆਂ ਨਹੀਂ ਲੁੱਟੀਆਂ ਹਨ : ਮਿੱਤਲ
Publish Date: Fri, 05 Jun 2026 04:13 PM (IST)
Updated Date: Fri, 05 Jun 2026 04:14 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਭਾਜਪਾ ਆਗੂ ਅਰਵਿੰਦ ਮਿੱਤਲ ਨੇ ਹਾਲ ਹੀ ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਕਥਿਤ ਗੜਬੜੀਆਂ ਦੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਇਹ ਚੋਣਾਂ ਜਿੱਤੀਆਂ ਨਹੀਂ ਸਗੋਂ ਲੁੱਟੀਆਂ ਹਨ। ਉਨ੍ਹਾਂ ਕਿਹਾ ਇਹ ਚੋਣਾਂ ਲੋਕਾਂ ਦੀ ਅਸਲ ਇੱਛਾ ਦਾ ਨਤੀਜਾ ਨਹੀਂ ਸਨ, ਸਗੋਂ ਸੱਤਾਧਾਰੀ ਧਿਰ ਵੱਲੋਂ ਪ੍ਰਸ਼ਾਸਨਿਕ ਤੰਤਰ ਦੀ ਮਦਦ ਨਾਲ ਪ੍ਰਭਾਵਿਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਵੋਟਰ ਸੂਚੀਆਂ, ਵਾਰਡਬੰਦੀ, ਬੈਲਟ ਪੇਪਰਾਂ ਦੀ ਗਿਣਤੀ ਅਤੇ ਮੁੜ ਗਿਣਤੀ ਦੇ ਮਾਮਲਿਆਂ ਵਿੱਚ ਕਈ ਸਵਾਲ ਖੜ੍ਹੇ ਹੋਏ ਹਨ, ਜਿਨ੍ਹਾਂ ਦੇ ਜਵਾਬ ਸਰਕਾਰ ਨੂੰ ਦੇਣੇ ਚਾਹੀਦੇ ਹਨ। ਅਰਵਿੰਦ ਮਿੱਤਲ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਅਕਸਰ ਈਵੀਐਮ ਮਸ਼ੀਨਾਂ ਨੂੰ ਲੈ ਕੇ ਚਰਚਾ ਹੁੰਦੀ ਰਹਿੰਦੀ ਹੈ ਅਤੇ ਕਈ ਵਿਰੋਧੀ ਪਾਰਟੀਆਂ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕਰਦੀਆਂ ਹਨ। ਪਰ ਨਗਰ ਕੌਂਸਲ ਚੋਣਾਂ ਵਿੱਚ ਬੈਲਟ ਪੇਪਰਾਂ ਰਾਹੀਂ ਹੋਈ ਵੋਟਿੰਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਗੜਬੜੀਆਂ ਕਿਸੇ ਵੀ ਪ੍ਰਣਾਲੀ ਵਿੱਚ ਹੋ ਸਕਦੀਆਂ ਹਨ ਜੇਕਰ ਨੀਅਤ ਸਾਫ਼ ਨਾ ਹੋਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਈ ਅਜਿਹੇ ਮਾਮਲੇ ਸਾਹਮਣੇ ਆਏ ਜਿੱਥੇ ਪਾਰਦਰਸ਼ਤਾ ਉੱਤੇ ਸਵਾਲ ਉੱਠੇ। ਉਨ੍ਹਾਂ ਦੋਸ਼ ਲਗਾਇਆ ਕਿ ਆਖਰੀ ਦਿਨਾਂ ਤੱਕ ਵੋਟਰ ਸੂਚੀਆਂ ਵਿੱਚ ਨਾਮ ਜੋੜੇ ਗਏ ਅਤੇ ਕਈ ਥਾਵਾਂ ਉੱਤੇ ਚੋਣੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਵੋਟਾਂ ਦੀ ਗਿਣਤੀ ਹੋਈ ਤਾਂ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਕੀਤਾ ਗਿਆ। ਮਿੱਤਲ ਨੇ ਕਿਹਾ ਕਿ ਕਈ ਥਾਵਾਂ ਉੱਤੇ ਵੋਟਾਂ ਦੀ ਮੁੜ ਗਿਣਤੀ ਦੀ ਮੰਗ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਜਦਕਿ ਕੁਝ ਮਾਮਲਿਆਂ ਵਿੱਚ ਵੱਡੇ ਫਰਕ ਵਾਲੀਆਂ ਵੋਟਾਂ ਦੀ ਦੁਬਾਰਾ ਗਿਣਤੀ ਕੀਤੀ ਗਈ। ਭਾਜਪਾ ਆਗੂ ਨੇ ਕਿਹਾ ਕਿ ਜਿੱਥੇ ਚਾਰ ਜਾਂ ਪੰਜ ਵੋਟਾਂ ਦਾ ਫਰਕ ਸੀ, ਉੱਥੇ ਮੁੜ ਗਿਣਤੀ ਦੀ ਮੰਗ ਨੂੰ ਸਵੀਕਾਰ ਨਹੀਂ ਕੀਤਾ ਗਿਆ, ਜਿਸ ਨਾਲ ਸ਼ੱਕ ਹੋਰ ਵੱਧ ਗਿਆ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋਈਆਂ ਹਨ ਤਾਂ ਫਿਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਹਰ ਸਵਾਲ ਦਾ ਜਵਾਬ ਦੇਣ ਤੋਂ ਗੁਰੇਜ਼ ਨਹੀਂ ਹੋਣਾ ਚਾਹੀਦਾ। ਮਿੱਤਲ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦਾ ਫੈਸਲਾ ਸਭ ਤੋਂ ਉੱਪਰ ਹੁੰਦਾ ਹੈ, ਪਰ ਇਨ੍ਹਾਂ ਚੋਣਾਂ ਵਿੱਚ ਲੋਕਾਂ ਦੀ ਇੱਛਾ ਦੇ ਉਲਟ ਨਤੀਜੇ ਸਾਹਮਣੇ ਲਿਆਂਦੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਆਪਣੀ ਤਾਕਤ ਅਤੇ ਪ੍ਰਸ਼ਾਸਨਿਕ ਪ੍ਰਭਾਵ ਦੀ ਵਰਤੋਂ ਕਰਕੇ ਚੋਣੀ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਰੱਖਿਆ ਲਈ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ ਅਤੇ ਚੋਣ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੀ ਮੰਗ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਸਬੰਧੀ ਉੱਠੇ ਸਵਾਲਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਦਾ ਭਰੋਸਾ ਲੋਕਤੰਤਰ ਵਿੱਚ ਬਣਿਆ ਰਹੇ।