ਦਿੱਲੀ ’ਤੇ ਸ੍ਰੀ ਆਨੰਦਪੁਰ ਸਾਹਿਬ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ : ਤਰਨਜੀਤ ਸਿੰਘ ਸੰਧੂ
ਦਿੱਲੀ ’ਤੇ ਸ੍ਰੀ ਆਨੰਦਪੁਰ ਸਾਹਿਬ ਦੇ ਇਤਿਹਾਸਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ: ਤਰਨਜੀਤ ਸਿੰਘ ਸੰਧੂ
Publish Date: Fri, 05 Jun 2026 05:30 PM (IST)
Updated Date: Fri, 05 Jun 2026 05:32 PM (IST)

ਦਿੱਲੀ ਦੇ ਉਪ ਰਾਜਪਾਲ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਇਤਿਹਾਸਕ ਗੁਰਧਾਮਾਂ ਵਿਖੇ ਟੇਕਿਆ ਮੱਥਾ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਆਨੰਦਪੁਰ ਸਾਹਿਬ : ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਅੱਜ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਦਿੱਲੀ ਦੇ ਗੂੜ੍ਹੇ ਇਤਿਹਾਸਕ ਸਬੰਧਾਂ ਦਾ ਜ਼ਿਕਰ ਕਰਦਿਆਂ ਦੋਵਾਂ ਖੇਤਰਾਂ ਵਿਚਕਾਰ ਧਾਰਮਿਕ, ਸੱਭਿਆਚਾਰਕ ਅਤੇ ਵਿਰਾਸਤੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਧੂ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਵਸਾਇਆ ਸੀ ਅਤੇ ਦਿੱਲੀ ਦਾ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਅਟੁੱਟ ਸਬੰਧ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਦਿੱਲੀ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚਕਾਰ ਪੁਰਾਣੀ ਨੇੜਤਾ ਅਤੇ ਸਾਂਝ ਨੂੰ ਨਵੀਂ ਮਜ਼ਬੂਤੀ ਮਿਲੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਨਗਰੀ ਦੇ ਦਰਸ਼ਨਾਂ ਲਈ ਆਉਣ ਅਤੇ ਪੰਜਾਬ ਦੇ ਲੋਕ ਵੀ ਦਿੱਲੀ ਦੇ ਇਤਿਹਾਸਕ ਧਾਰਮਿਕ ਸਥਾਨਾਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਇਸ ਨਾਲ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਅਤੇ ਸਥਾਨਕ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਉਪ ਰਾਜਪਾਲ ਨੇ ਇਸ ਮੌਕੇ ਸਿੱਖ ਇਤਿਹਾਸ ਦੇ ਮਹਾਨ ਆਗੂ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਯੋਗਦਾਨ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ 1920 ਤੋਂ 1926 ਤੱਕ ਚੱਲੀ ਗੁਰਦੁਆਰਾ ਸੁਧਾਰ ਲਹਿਰ ਭਾਰਤ ਦੇ ਇਤਿਹਾਸ ਦਾ ਪਹਿਲਾ ਸਫਲ ਅਹਿੰਸਕ ਜਨ ਅੰਦੋਲਨ ਸੀ, ਜਿਸ ਨੇ ਸਿੱਖ ਕੌਮ ਨੂੰ ਜਮਹੂਰੀ ਹੱਕ ਦਿਵਾਉਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਇਸ ਲਹਿਰ ਨੇ ਔਰਤਾਂ ਦੀ ਭਾਗੀਦਾਰੀ ਅਤੇ ਸਮਾਜਿਕ ਬਰਾਬਰੀ ਦੇ ਵਿਚਾਰਾਂ ਨੂੰ ਵੀ ਮਜ਼ਬੂਤ ਕੀਤਾ। ਸੰਧੂ ਨੇ ਸਰਦਾਰ ਤੇਜਾ ਸਿੰਘ ਸਮੁੰਦਰੀ ਵੱਲੋਂ ਸਿੱਖਿਆ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਸੁਧਾਰਾਂ ਲਈ ਕੀਤੇ ਗਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਅਜਿਹੀਆਂ ਮਹਾਨ ਸ਼ਖਸੀਅਤਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਜਾਣੂ ਕਰਵਾਉਣ ਦੀ ਲੋੜ ਹੈ। ਇਸੇ ਮਕਸਦ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸਰਦਾਰ ਤੇਜਾ ਸਿੰਘ ਸਮੁੰਦਰੀ ਨਾਲ ਸਬੰਧਤ ਪੁਸਤਕ ਦੇ ਅੰਗਰੇਜ਼ੀ ਅਨੁਵਾਦ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਗੇ ਤਾਂ ਜੋ ਦਿੱਲੀ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚਕਾਰ ਧਾਰਮਿਕ ਅਤੇ ਸੱਭਿਆਚਾਰਕ ਸੰਪਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਜਥੇਦਾਰ ਰਾਮ ਸਿੰਘ, ਅਕਾਲੀ ਆਗੂ ਹਰਦੇਵ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।