ਵਣ ਜੀਵ ਪ੍ਰੋਜੈਕਟ ਗੁਰੂ ਨਗਰੀ ਲਈ ਮੀਲ ਪੱਥਰ : ਜੀਤਾ
ਵਣ ਜੀਵ ਪ੍ਰੋਜੈਕਟ ਗੁਰੂ ਨਗਰੀ ਲਈ ਮੀਲ ਪੱਥਰ: ਜੀਤਾ
Publish Date: Tue, 09 Jun 2026 05:13 PM (IST)
Updated Date: Tue, 09 Jun 2026 05:14 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ ਐਲਾਨੇ ਗਏ 5.36 ਕਰੋੜ ਰੁਪਏ ਦੀ ਲਾਗਤ ਵਾਲੇ ਵਣ ਜੀਵ ਸੈਰ-ਸਪਾਟਾ ਪ੍ਰੋਜੈਕਟ ਦਾ ਸਵਾਗਤ ਕਰਦਿਆਂ ਇਸ ਨੂੰ ਗੁਰੂ ਨਗਰੀ ਦੇ ਵਿਕਾਸ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨਾਲ ਸ੍ਰੀ ਅਨੰਦਪੁਰ ਸਾਹਿਬ ਨਾ ਸਿਰਫ਼ ਧਾਰਮਿਕ ਸੈਰ-ਸਪਾਟੇ ਦਾ ਕੇਂਦਰ ਬਣੇਗਾ, ਸਗੋਂ ਕੁਦਰਤੀ ਅਤੇ ਵਾਤਾਵਰਣਕ ਸੈਰ-ਸਪਾਟੇ ਦੇ ਖੇਤਰ ਵਿੱਚ ਵੀ ਨਵੀਂ ਪਛਾਣ ਹਾਸਲ ਕਰੇਗਾ। ਹਰਜੀਤ ਸਿੰਘ ਜੀਤਾ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਲਗਭਗ ਛੇ ਕਿਲੋਮੀਟਰ ਖੇਤਰ ਵਿੱਚ ਵਣਜੀਵ ਸੈਰ-ਸਪਾਟਾ ਲਾਈਨ ਸੈਂਚੁਰੀ ਦਾ ਵਿਕਾਸ ਕੀਤਾ ਜਾਵੇਗਾ, ਜਿਸ ਵਿੱਚ ਲੈਪਾਰਡ ਸਫਾਰੀ, ਨਿਗਰਾਨੀ ਮੀਨਾਰਾਂ, ਕੁਦਰਤੀ ਪੈਦਲ ਰਸਤੇ ਅਤੇ ਹੋਰ ਆਧੁਨਿਕ ਸਹੂਲਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਸੈਲਾਨੀਆਂ ਨੂੰ ਕੁਦਰਤ ਦੇ ਨੇੜੇ ਜਾਣ ਅਤੇ ਜੰਗਲੀ ਜੀਵਨ ਨੂੰ ਸੁਰੱਖਿਅਤ ਮਾਹੌਲ ਵਿੱਚ ਦੇਖਣ ਦਾ ਵਿਲੱਖਣ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਦਾ ਨਤੀਜਾ ਹੈ, ਜਿਸ ਲਈ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਲਗਾਤਾਰ ਯਤਨਾਂ ਅਤੇ ਗੁਰੂ ਨਗਰੀ ਦੇ ਵਿਕਾਸ ਪ੍ਰਤੀ ਵਚਨਬੱਧਤਾ ਸਦਕਾ ਇਹ ਮਹੱਤਵਪੂਰਨ ਪ੍ਰੋਜੈਕਟ ਸ੍ਰੀ ਅਨੰਦਪੁਰ ਸਾਹਿਬ ਨੂੰ ਪ੍ਰਾਪਤ ਹੋਇਆ ਹੈ। ਹਰਜੀਤ ਸਿੰਘ ਜੀਤਾ ਨੇ ਕਿਹਾ ਕਿ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ, ਸੜਕਾਂ, ਖੇਡਾਂ ਅਤੇ ਸੈਰ-ਸਪਾਟੇ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਨਵੀਂ ਤਸਵੀਰ ਉਭਰ ਕੇ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ ਅਤੇ ਸਥਾਨਕ ਵਪਾਰ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ। ਹੋਟਲ ਉਦਯੋਗ, ਆਵਾਜਾਈ, ਖਾਣ-ਪੀਣ ਅਤੇ ਹੋਰ ਸੇਵਾਵਾਂ ਨਾਲ ਜੁੜੇ ਲੋਕਾਂ ਨੂੰ ਇਸ ਤੋਂ ਸਿੱਧਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਪਹਿਲਾਂ ਹੀ ਵਿਸ਼ਵ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਨਗਰੀ ਹੈ ਅਤੇ ਹੁਣ ਇਹ ਪ੍ਰੋਜੈਕਟ ਇਸ ਦੀ ਖੂਬਸੂਰਤੀ ਅਤੇ ਮਹੱਤਤਾ ਵਿੱਚ ਹੋਰ ਵਾਧਾ ਕਰੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਯੋਜਨਾ ਦੇ ਮੁਕੰਮਲ ਹੋਣ ਨਾਲ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਅਤੇ ਪੰਜਾਬ ਦੀ ਕੁਦਰਤੀ ਵਿਰਾਸਤ ਨੂੰ ਵੀ ਨਵੀਂ ਪਛਾਣ ਮਿਲੇਗੀ।